Arth Parkash : Latest Hindi News, News in Hindi
ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਡਵੀਜ਼ਨਲ ਕਮਿਸ਼ਨਰ ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਡਵੀਜ਼ਨਲ ਕਮਿਸ਼ਨਰ
Wednesday, 10 Jan 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ

 

ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਡਵੀਜ਼ਨਲ ਕਮਿਸ਼ਨਰ

 

ਕਿਹਾ, ਆਮ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨਾ ਬਣਾਇਆ ਜਾਵੇ ਲਾਜ਼ਮੀ

 

ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਕੀਤੀ ਅਧਿਕਾਰੀਆਂ ਨੂੰ ਹਦਾਇਤ

 

ਡਿਊਟੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਸਲਾਹ

 

ਡਵੀਜ਼ਨਲ ਕਮਿਸ਼ਨਰ ਨੇ ਸਪੈਸ਼ਲ ਸਮਰੀ ਰਿਵੀਜ਼ਨ-2024 ਸਬੰਧੀ ਕੀਤੀ ਸਮੀਖਿਆ ਬੈਠਕ

 

ਬਠਿੰਡਾ, 11 ਜਨਵਰੀ : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਆਦਿ ਹਾਜ਼ਰ ਸਨ।

 

ਬੈਠਕ ਦੀ ਪ੍ਰਧਾਨਗੀ ਕਰਦਿਆਂ ਡਵੀਜ਼ਨਲ ਕਮਿਸ਼ਨਰ ਸ਼੍ਰੀ ਮਨਜੀਤ ਸਿੰਘ ਬਰਾੜ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮਨਸ਼ਾ ਹੈ ਕਿ ਲੋਕਾਂ ਦੇ ਸਰਕਾਰੀ ਦਫ਼ਤਰਾਂ ਅੰਦਰ ਹੋਣ ਵਾਲੇ ਕੰਮਾਂ ਨੂੰ ਸਮੇਂ-ਸਿਰ ਨਜਿੱਠਿਆ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

 

ਇਸ ਦੌਰਾਨ ਸ਼੍ਰੀ ਬਰਾੜ ਨੇ ਕਿਹਾ ਕਿ ਮਾਲ ਵਿਭਾਗ ਦੇ ਕੰਮਾਂ ਅੰਦਰ ਬੇਲੋੜੀ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਨਿਸ਼ਾਨਦੇਹੀ ਦੇ ਕੰਮਾਂ ਨੂੰ ਬਿਨਾਂ ਦੇਰੀ ਨਿਪਟਾਉਣ ਲਈ ਕਾਨੂੰਗੋਜ਼ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ 47-ਏ ਦੇ ਰਿਕਵਰੀ ਕੇਸਾਂ ’ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਐਸ.ਡੀ.ਐਮਜ਼ ਦੀ ਅਦਾਲਤਾਂ ’ਚ ਚਲ ਰਹੇ ਝਗੜੇ ਵਾਲੇ ਇੰਤਕਾਲਾਂ ਦਾ ਪਹਿਲਕਦਮੀ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

 

ਇਸ ਤੋਂ ਪਹਿਲਾਂ ਡਵੀਜ਼ਨਲ ਕਮਿਸ਼ਨਰ ਨੇ ਕਾਰਪੋਰੇਸ਼ਨ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਗ੍ਰਾਂਮ ਪੰਚਾਇਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਵੀ ਵਿਸਥਾਰਪੂਰਵਕ ਸਮੀਖਿਆ ਕੀਤੀ। ਉਨ੍ਹਾਂ ਕਾਰਜ ਸਾਧਕ ਅਫ਼ਸਰਾਂ ਤੋਂ ਸ਼ਹਿਰਾਂ ਅਤੇ ਕਸਬਿਆਂ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕੋਲੋਂ ਪਿੰਡ ਪੱਧਰ ਤੇ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਕਰਜਾਂ ਬਾਰੇ ਵੀ ਜਾਣਿਆ। ਇਸ ਤੋਂ ਇਲਾਵਾ ਉਨ੍ਹਾਂ ਵਿਸ਼ੇਸ਼ ਤੌਰ ਤੇ ਡੋਰ ਟੂ ਡੋਰ ਇਕੱਤਰ ਕੀਤੇ ਜਾ ਰਹੇ ਗਿੱਲੇ ਤੇ ਸੁੱਕੇ ਕੂੜੇ, ਸਾਫ-ਸਫਾਈ, ਛੱਪੜਾਂ ਆਦਿ ਦੇ ਨਵੀਨੀਕਰਨ ਸਬੰਧੀ ਚਲ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।

 

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਵਾਤਾਵਰਣ ਦੀ ਸ਼ੁੱਧਤਾ ਲਈ ਲੋਕ ਹਿਤ ਦੇ ਇਸ ਕਾਰਜ ਵਿਚ ਡਿਊਟੀ ਤੋਂ ਉੱਪਰ ਉੱਠ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸ਼ੋਰ ਪ੍ਰਦੂਸ਼ਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਆਦਾ ਪ੍ਰਦੂਸ਼ਣ ਪ੍ਰਭਾਵਿਤ ਖੇਤਰਾਂ ਦਾ ਨਿਰੀਖਣ ਕਰਕੇ ਸੂਚੀ ਤਿਆਰ ਕੀਤੀ ਜਾਵੇ ਤਾਂ ਜੋ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਗ਼ੈਰਮਿਆਰੀ ਸਮੱਗਰੀ ਦੇ ਵੱਧ ਤੋਂ ਵੱਧ ਚਲਾਣ ਕੀਤੇ ਜਾਣ ਤੇ ਪੂਰੀ ਸਖ਼ਤੀ ਵੀ ਵਰਤਣੀ ਯਕੀਨੀ ਬਣਾਈ ਜਾਵੇ।

 

ਇਸ ਤੋਂ ਪਹਿਲਾਂ ਉਨ੍ਹਾਂ ਸਪੈਸ਼ਲ ਸਮਰੀ ਰਿਵੀਜ਼ਨ 2024 ਬਾਰੇ ਜਾਣਕਾਰੀ ਲੈਂਦਿਆਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਸ ਸੁਧਾਈ ਦੌਰਾਨ ਆਮ ਜਨਤਾ ਤੋਂ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾ ਮੁਤਾਬਿਕ ਕੀਤਾ ਜਾਣਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

 

ਇਸ ਤੋਂ ਪਹਿਲਾਂ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੂੰ ਇੱਥੇ ਪਹੁੰਚਣ ਤੇ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।    

 

ਇਸ ਮੌਕੇ ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਵਰਿੰਦਰ ਸਿੰਘ, ਐਸਡੀਐਮ ਰਾਮਪੁਰਾ ਮੈਡਮ ਬਲਜੀਤ ਕੌਰ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਪੰਕਜ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਸੰਦੀਪ ਸਿੰਘ, ਡੀਡੀਪੀਓ ਮੈਡਮ ਨੀਰੂ ਗਰਗ, ਸੁਪਰਡੈਂਟ (ਮਾਲ ਤੇ ਨਿਆ) ਜਸਵੀਰ ਸਿੰਘ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।