ਚੰਡੀਗੜ੍ਹ ਪੁਲਸ ਤੋਂ ਕੀਤੀ ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ
ਦੋਹਾਂ ਪਾਰਟੀਆਂ ਦੇ ਕੌਂਸਲਰਾਂ ਤੇ ਆਗੂਆਂ ਨੇ ਭਾਜਪਾ ’ਤੇ ਮੇਅਰ ਦੀ ਚੋਣ ਵਿੱਚ ਧਾਂਦਲੀ ਕਰਨ ਦੇ ਲਾਏ ਦੋਸ਼, ਕਿਹਾ- ਪ੍ਰੀਜ਼ਾਈਡਿੰਗ ਅਫਸਰ ਨੇ ਜਾਣਬੁੱਝ ਕੇ ਸਾਡੇ ਅੱਠ ਕੌਂਸਲਰਾਂ ਦੀਆਂ ਵੋਟਾਂ ਰੱਦ ਕੀਤੀਆਂ
ਭਾਜਪਾ ਦੇਸ਼ ਦੇ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਹੈ, ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਨਵਾਂ ਮੇਅਰ ਅਹੁਦਾ ਨਹੀਂ ਛੱਡਦਾ - 'ਆਪ' ਚੰਡੀਗੜ੍ਹ ਦੇ ਸਹਿ ਇੰਚਾਰਜ ਡਾ: ਸੰਨੀ ਆਹਲੂਵਾਲੀਆ
ਚੰਡੀਗੜ੍ਹ, 31 ਜਨਵਰੀ
ਮੇਅਰ ਚੋਣਾਂ ਵਿੱਚ ਧਾਂਦਲੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਆਗੂਆਂ ਨੇ ਸੈਕਟਰ-17 ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਚੰਡੀਗੜ੍ਹ ਪੁਲੀਸ ਤੋਂ ਮੇਅਰ ਚੋਣਾਂ ਲਈ ਨਿਯੁਕਤ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ।
ਧਰਨੇ ਦੌਰਾਨ ਵੱਖ-ਵੱਖ ਮੀਡੀਆ ਚੈਨਲਾਂ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੋਵਾਂ ਪਾਰਟੀਆਂ ਦੇ ਕੌਂਸਲਰਾਂ ਅਤੇ ਆਗੂਆਂ ਨੇ ਭਾਜਪਾ ’ਤੇ ਮੇਅਰ ਚੋਣਾਂ ਵਿੱਚ ਧਾਂਦਲੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਜਾਣਬੁੱਝ ਕੇ ਸਾਡੇ ਅੱਠ ਕੌਂਸਲਰਾਂ ਦੀਆਂ ਵੋਟਾਂ ਰੱਦ ਕਰ ਦਿੱਤੀਆਂ ਤਾਂ ਜੋ ਭਾਜਪਾ ਦਾ ਮੇਅਰ ਬਣ ਸਕੇ। 30 ਜਨਵਰੀ 2024 ਚੰਡੀਗੜ੍ਹ ਨਗਰ ਨਿਗਮ ਦੇ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਸੀ।
ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾਕਟਰ ਸੰਨੀ ਆਹਲੂਵਾਲੀਆ ਨੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਖ਼ਿਲਾਫ਼ ਕੇਸ ਦਰਜ ਕਰਾਉਣ ਲਈ ਸੈਕਟਰ-17 ਥਾਣੇ ਦੇ ਐਸਐਚਓ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੇਅਰ ਚੋਣਾਂ ਵਿੱਚ ਧਾਂਦਲੀ ਨਾਲ ਸਬੰਧਤ ਵੀਡੀਓ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਵੀ ਸੌਂਪੀ। ਇਸ ਸਬੰਧੀ ਉਹ ਚੰਡੀਗੜ੍ਹ ਦੇ ਐਸਐਸਪੀ ਨੂੰ ਵੀ ਮਿਲੇ ਅਤੇ ਅਨਿਲ ਮਸੀਹ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਅੱਜ ਦੇਸ਼ ਦੇ ਲੋਕਤੰਤਰ ਨੂੰ ਸਭ ਤੋਂ ਵੱਡਾ ਖ਼ਤਰਾ ਭਾਜਪਾ ਤੋਂ ਹੈ |
ਉਨ੍ਹਾਂ ਕਿਹਾ ਕਿ ਭਾਜਪਾ ਨੇ ਰਣਨੀਤੀ ਤਹਿਤ ਮੇਅਰ ਚੋਣ ਨਾਲ ਸਬੰਧਤ ਸਾਰੇ ਅਧਿਕਾਰੀਆਂ ਨੂੰ ਮੈਨੇਜ ਕਰ ਲਿਆ ਅਤੇ ਦਿਨ-ਦਿਹਾੜੇ ਚੋਣ ਵਿਚ ਧਾਂਦਲੀ ਕਰਕੇ ਆਪਣਾ ਮੇਅਰ ਬਣਾਇਆ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਰੇ ਕੌਂਸਲਰਾਂ ਨੇ ਹਾਈ ਕੋਰਟ ਵਿੱਚ ਹਲਫ਼ਨਾਮਾ ਦਿੱਤਾ ਹੈ ਕਿ ਅਸੀਂ ਕੁਲਦੀਪ ਕੁਮਾਰ ਟੀਟਾ ਨੂੰ ਮੇਅਰ ਬਣਾਉਣ ਲਈ ਵੋਟ ਪਾਈ ਸੀ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਨਵ-ਨਿਯੁਕਤ ਮੇਅਰ ਨੂੰ ਹਟਾਇਆ ਨਹੀਂ ਜਾਂਦਾ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ 'ਤੇ ਚੰਡੀਗੜ੍ਹ ਨਿਗਮ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਤਿੰਨ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਹਾਈਕੋਰਟ ਵਿੱਚ ਮੇਅਰ ਦੀਆਂ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਯੂਥ ਕਾਂਗਰਸ ਦੇ ਆਗੂਆਂ ਨੇ ਵੀ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ। ਜਵਾਬੀ ਕਾਰਵਾਈ ਵਿੱਚ ਪੁਲੀਸ ਨੇ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਸਮੇਤ ਕਈ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।
---------------------------------------------------------------------