ਆਪ ਨੇ ਆਪਣੇ ਹੀ ਪਾਰਟੀ ਦਫਤਰ ਵਿਚ ਵਰਕਰਾਂ ਨੂੰ ਦਾਖਲ ਹੋਣ ਤੋਂ ਰੋਕਣ ਲਈ ਭਾਜਪਾ ਦੀ ਆਲੋਚਨਾ ਕੀਤੀ
ਕੰਗ ਦਾ ਸਵਾਲ- ਇਹ ਕਿਹੋ ਜਿਹਾ ਲੋਕਤੰਤਰ ਹੈ ਕਿ ਸਿਆਸੀ ਪਾਰਟੀ ਦੇ ਵਰਕਰ ਆਪਣੀ ਪਾਰਟੀ ਦਫਤਰ ਨਹੀਂ ਜਾ ਸਕਦੇ?
ਕੰਗ ਨੇ ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿਚ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ
ਨਵੀਂ ਦਿੱਲੀ/ਚੰਡੀਗੜ੍ਹ, 23 ਮਾਰਚ: Lok Sabha Election 2024: ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਾਨਾਸ਼ਾਹੀ ਰਵੱਈਏ ਲਈ ਆਲੋਚਨਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੇੜੇ ਹਨ, ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ, ਪਰ ਮੋਦੀ ਸਰਕਾਰ ਦੀ ਤਾਨਾਸ਼ਾਹੀ ਦੀ ਹੱਦ ਦੇਖੋ, ਜੋ ਅਜੇ ਵੀ ਵਿਰੋਧੀ ਪਾਰਟੀਆਂ ਨੂੰ ਰੋਕਣ ਲਈ ਆਪਣੀਆਂ ਗੈਰ-ਸੰਵਿਧਾਨਕ ਚਾਲਾਂ ਤੋਂ ਬਾਜ਼ ਨਹੀਂ ਆ ਰਹੀ।
ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ, ਇੱਕ ਰਾਸ਼ਟਰੀ ਪਾਰਟੀ, ਦਾ ਆਪਣਾ ਦਫ਼ਤਰ ਹੈ ਪਰ ਭਾਜਪਾ ਸਰਕਾਰ ‘ਆਪ’ ਦੇ ਕਿਸੇ ਵੀ ਵਿਧਾਇਕ, ਆਗੂ ਜਾਂ ਵਰਕਰ ਨੂੰ ਆਪਣੇ ਹੀ ਦਫਤਰ ਵਿੱਚ ਜਾਣ ਨਹੀਂ ਦੇ ਰਹੀ। ਪਿਛਲੇ ਦੋ ਦਿਨਾਂ ਤੋਂ 'ਆਪ' ਦੇ ਲੋਕਾਂ ਨੂੰ ਆਪਣੇ ਦਫਤਰ ਦੇ ਬਾਹਰ ਰੋਕ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਕੰਗ ਨੇ ਸਵਾਲ ਕੀਤਾ ਕਿ ਇਹ ਕਿਹੋ ਜਿਹਾ ਲੋਕਤੰਤਰ ਹੈ ਕਿ ਕਿਸੇ ਸਿਆਸੀ ਪਾਰਟੀ ਦੇ ਵਰਕਰ ਆਪਣੀ ਪਾਰਟੀ ਦਫ਼ਤਰ ਨਹੀਂ ਜਾ ਸਕਦੇ? ਅਸੀਂ ਲੋਕ ਸਭਾ ਚੋਣਾਂ ਲਈ ਆਪਣੀ ਮੁਹਿੰਮ ਕਿਵੇਂ ਚਲਾਵਾਂਗੇ? ਕੰਗ ਨੇ ਅੱਗੇ ਕਿਹਾ, ਮੈਂ ਇੱਕ ਸੁਤੰਤਰ ਸੰਸਥਾ ਚੋਣ ਕਮਿਸ਼ਨ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਮਾਮਲੇ ਵਿੱਚ ਦਖਲ ਦੇ ਕੇ ਆਮ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਆਪਣੀ ਸੁਤੰਤਰਤਾ ਸਾਬਤ ਕਰੇ।
ਕੰਗ ਨੇ ਅੱਗੇ ਕਿਹਾ ਕਿ ਮੋਦੀ ਇਸ ਦੇਸ਼ ਵਿੱਚ ਲੋਕਤੰਤਰ ਨੂੰ ਤਬਾਹ ਕਰ ਰਹੇ ਹਨ, ਦੇਸ਼ ਨੂੰ ਤਾਨਾਸ਼ਾਹੀ ਵੱਲ ਲਿਜਾ ਰਹੇ ਹਨ ਅਤੇ ਵਿਰੋਧੀ ਪਾਰਟੀਆਂ ਨੂੰ ਕੁਚਲ ਰਹੇ ਹਨ। ਇਸ ਬਾਰੇ ਚੋਣ ਕਮਿਸ਼ਨ ਨੂੰ ਨੋਟਿਸ ਲੈਣਾ ਚਾਹੀਦਾ ਹੈ ਅਤੇ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ। ਵਿਰੋਧੀ ਪਾਰਟੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਸਿਆਸੀ ਦਫ਼ਤਰਾਂ ਵਿੱਚ ਜਾਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਕੰਗ ਨੇ ਕਿਹਾ ਕਿ ਇਹ ਹੁਣ ਹੱਦ ਤੋਂ ਬਾਹਰ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਚੋਣਾਂ ਦਾ ਐਲਾਨ ਹੋ ਜਾਂਦਾ ਹੈ ਪਰ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਬਿਨਾਂ ਸਬੂਤਾਂ ਤੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਅਤੇ ਪਾਰਟੀਆਂ ਨੂੰ ਉਨ੍ਹਾਂ ਦੇ ਆਪਣੇ ਦਫਤਰਾਂ ਤੱਕ ਪਹੁੰਚਣ ਤੋਂ ਰੋਕਿਆ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਚੋਣਾਂ ਲਈ ਪ੍ਰਚਾਰ ਕਿਵੇਂ ਕਰਨਗੇ? ਚੋਣ ਕਮਿਸ਼ਨ ਨੂੰ ਤੁਰੰਤ ਦਖਲ ਦੇ ਕੇ ਨਿਰਪੱਖ ਚੋਣਾਂ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ।