ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ: ਡਾ.ਬਲਜੀਤ ਕੌਰ
ਅਨੁਸੂਚਿਤ ਜਾਤੀ ਦੇ 5357 ਲਾਭਪਤਾਰੀਆਂ ਨੂੰ 2732.07 ਲੱਖ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੇ 1429 ਲਾਭਪਤਾਰੀਆਂ ਨੂੰ 728.79 ਲੱਖ ਰੁਪਏ ਦੀ ਪ੍ਰਵਾਨਗੀ ਜ਼ਾਰੀ
ਸਕੀਮ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜਿਆ ਜਾਵੇਗਾ
ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਸੇਵਾ ਕੇਦਰਾਂ ਅਤੇ ਜਿਲ੍ਹਾ ਭਲਾਈ ਅਫਸਰਾਂ ਨਾਲ ਕੀਤਾ ਜਾ ਸਕੇਗਾ ਸੰਪਰਕ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ
ਚੰਡੀਗੜ੍ਹ, 24 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸੂਬੇ ਦੀ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨ਼ਗੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਚੰਡੀਗੜ੍ਹ ਵਿਖੇ ਪੰਜਾਬ ਭਵਨ ’ਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2023-24 ਦੌਰਾਨ ਅਸ਼ੀਰਵਾਦ ਪੋਰਟਲ `ਤੇ ਪ੍ਰਾਪਤ ਅਨੁਸੂਚਿਤ ਜਾਤੀ ਨਾਲ ਸਬੰਧਤ 5357 ਲਾਭਪਤਾਰੀਆਂ ਨੂੰ 2732.07 ਲੱਖ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਲ 2023-24 ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 1429 ਲਾਭਪਤਾਰੀਆਂ ਨੂੰ 728.79 ਲੱਖ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਜਲਦ ਹੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਜਾਵੇਗੀ।
ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਰਾਜ ਦੇ ਵਸਨੀਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਪਰਿਵਾਰਾਂ ਨੂੰ, ਉਨ੍ਹਾਂ ਦੀਆਂ ਲੜਕੀਆਂ ਦੇ ਵਿਆਹ/ਪੁਨਰ ਵਿਆਹ ਲਈ ਇੱਕ ਪਰਿਵਾਰ ਵਿੱਚ 02 ਲੜਕੀਆਂ ਨੂੰ ਰਾਜ ਸਰਕਾਰ ਵੱਲੋਂ 51,000 ਰੁਪਏ ਪ੍ਰਤੀ ਲਾਭਪਾਤਰੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਲਾਭ ਪ੍ਰਾਪਤ ਕਰਨ ਲਈ ਬਿਨੈਕਾਰ ਵਿਆਹ ਦੀ ਮਿਤੀ ਤੋਂ ਪਹਿਲਾਂ ਅਤੇ 30 ਦਿਨ ਬਾਅਦ ਤੱਕ ਅਪਲਾਈ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦੇ ਮੰਤਵ ਨਾਲ ਲਾਭਪਾਤਰੀਆਂ ਤੋਂ ਆਨਲਾਈਨ ਦਰਖਾਸਤਾਂ ਪ੍ਰਾਪਤ ਕਰਨ ਲਈ ਅਸ਼ੀਰਵਾਦ ਪੋਰਟਲ ਅਪ੍ਰੈਲ, 2023 ਤੋਂ ਚਾਲੂ ਕੀਤਾ ਗਿਆ।
ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਕਾਇਆ ਕੇਸਾਂ ਸਬੰਧੀ ਜਲਦੀ ਹੀ ਸਾਰੇ ਜ਼ਿਲਿ੍ਹਆਂ ਦੇ ਸਬੰਧਤ ਲਾਭਪਾਤਰੀਆਂ ਨੂੰ ਅਦਾਇਗੀ ਕੀਤੀ ਜਾਵੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ `ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।
ਪ੍ਰੈਸ ਕਾਨਫਰੰਸ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਅਧੀਨ ਜਾਅਲੀ ਲਾਭਪਾਤਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਵੇਗੀ।