ਲੁਧਿਆਣਾ 'ਚ ਸ਼ਿਵ ਸੈਨਾ ਆਗੂ 'ਤੇ ਹੋਏ ਜਾਨਲੇਵਾ ਹਮਲੇ 'ਤੇ ਸਰਕਾਰ ਦੀ ਨਾਕਾਮੀ
ਸ਼ਿਵ ਸੈਨਾ ਆਗੂ 'ਤੇ ਹਮਲਾ ਅਤਿ ਨਿੰਦਣਯੋਗ ਹੈ
ਅੰਮਿ੍ਤਸਰ- ਅੱਜ ਲੁਧਿਆਣਾ ਵਿੱਚ ਸ਼ਿਵ ਸੈਨਾ ਆਗੂ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਪੰਜਾਬ ਦੀ ਤਰਸਯੋਗ ਅਮਨ-ਕਾਨੂੰਨ ਦੀ ਸਥਿਤੀ ਇਸ ਲਈ ਜ਼ਿੰਮੇਵਾਰ ਹੈ, ਜਿਸ ਕਾਰਨ ਅਪਰਾਧੀਆਂ ਦੇ ਮਨਾਂ ਵਿੱਚੋਂ ਕਾਨੂੰਨ ਦਾ ਡਰ ਖ਼ਤਮ ਹੋ ਗਿਆ ਹੈ।
ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਜੋ ਵੀ ਹੋਇਆ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਜਾਂ ਪ੍ਰੇਸ਼ਾਨੀ ਹੈ ਤਾਂ ਉਹ ਸੰਵਿਧਾਨ ਤਹਿਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਨਾ ਕਿ ਖੁਦ ਹੀ ਉਸ ਵਿਅਕਤੀ ਨੂੰ ਸਜ਼ਾ ਦੇਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਵੱਡੀ ਨਾਕਾਮੀ ਹੈ, ਜਿਸ ਵਿੱਚ ਲੋਕਾਂ ਦੇ ਮਨਾਂ ਵਿੱਚੋਂ ਕਨੂੰਨ ਦਾ ਖੌਫ ਖਤਮ ਹੋ ਰਿਹਾ ਹੈ, ਇਹ ਬਹੁਤ ਹੀ ਡਰਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੁੱਚੀ ਕੈਬਨਿਟ ਸਮੇਤ ਜ਼ਿਮਨੀ ਚੋਣਾਂ ਕਰਵਾਉਣ ਵਿੱਚ ਰੁੱਝੇ ਹੋਏ ਹਨ ਪਰ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਅੱਖੋਂ ਪਰੋਖੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਅਤੇ ਅਜਿਹੇ ਹਾਦਸੇ ਲਗਾਤਾਰ ਵਾਪਰ ਰਹੇ ਹਨ, ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਖ਼ਤ ਕਦਮ ਚੁੱਕ ਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ।