ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਮੁਕਤਸਰ ਸਾਹਿਬ
ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ਤੇ ਮੁਹਈਆ ਕਰਵਾਏਗੀ 20 ਹਜਾਰ ਸੋਲਰ ਪੰਪ-ਅਮਨ ਅਰੋੜਾ
-ਕੈਬਨਿਟ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੇ ਜਾਇਜ਼ੇ ਲਈ ਸਮੀਖਿਆ ਬੈਠਕ
ਸ੍ਰੀ ਮੁਕਤਸਰ ਸਾਹਿਬ, 26 ਜੁਲਾਈ
ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚ ਹਰੀ ਊਰਜਾ ਨੂੰ ਉਤਸਾਹਿਤ ਕਰਨ ਲਈ ਅਨੇਕ ਉਪਰਾਲੇ ਕਰ ਰਹੀ ਹੈ ਅਤੇ ਇੰਨ੍ਹਾਂ ਹੀ ਉਪਰਾਲਿਆਂ ਦੀ ਲੜੀ ਵਿਚ ਪੰਜਾਬ ਵਿੱਚ 20 ਹਜ਼ਾਰ ਸੋਲਰ ਪੰਪ ਲਗਾਉਣ ਲਈ ਅਰਜੀਆ ਜਲਦ ਮੰਗੀਆ ਜਾ ਰਹੀਆਂ ਹਨ ।
ਉਹ ਅੱਜ ਇੱਥੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕਰਨ ਲਈ ਪਹੁੰਚੇ ਸਨ। ਇਸ ਬੈਠਕ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਵੀ ਵਿਸੇਸ਼ ਤੌਰ ਤੇ ਹਾਜਰ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਖੇਤੀ ਸੈਕਟਰ ਵਿਚ ਸੋਲਰ ਪੰਪ ਯੋਜਨਾ ਇਕ ਪਾਸੇ ਰਵਾਇਤੀ ਬਿਜਲੀ ਸਰੋਤਾਂ ਤੋਂ ਬੇਝ ਘੱਟ ਕਰੇਗੀ ਉਥੇ ਹੀ ਇਸ ਨਾਲ ਕਿਸਾਨਾਂ ਨੂੰ ਵੀ ਲਾਭ ਹੋਵੇਗਾ।
ਇਸੇ ਤਰਾਂ ਪੰਜਾਬ ਸਰਕਾਰ ਦੀ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਉਂਦਿਆਂ ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਸੁਧਾਰ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨੂੰ ਲੋਕਾਂ ਪ੍ਰਤੀ ਵਧੇਰੇ ਜਵਾਬਦੇਹ ਬਣਾਇਆ ਜਾ ਰਿਹਾ ਹੈ।
ਸ੍ਰੀ ਅਮਨ ਅਰੋੜਾ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਫ਼ਤਰਾਂ ਵਿਚ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਇਸੇ ਲਈ ਸਾਰੇ ਜ਼ਿਲ੍ਹਿਆਂ ਵਿਚ ਮੁੱਖ ਮੰਤਰੀ ਵਿੰਡੋ ਸਥਾਪਿਤ ਕੀਤੀ ਗਈ ਹੈ ਤਾਂ ਜੋ ਲੋਕ ਸਮਲਿਆਂ ਦਾ ਤੇਜੀ ਨਾਲ ਹੱਲ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਇਸ ਮੌਕੇ ਪੇਂਡੂ ਅਤੇ ਸ਼ਹਿਰੀ ਵਿਕਾਸ, ਪੀਣ ਦੇ ਪਾਣੀ, ਪੇਂਡੂ ਤੇ ਸ਼ਹਿਰੀ ਅਵਾਸ ਪ੍ਰੋਗਰਾਮ, ਖੇਤੀਬਾੜੀ, ਸਿਹਤ, ਸਿੱਖਿਆ ਸਮੇਤ ਵੱਖ ਵੱਖ ਵਿਭਾਗਾਂ ਦੇ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜੋ ਫੰਡ ਮੁਹਈਆ ਕਰਵਾਏ ਗਏ ਹਨ ਉਨ੍ਹਾਂ ਨਾਲ ਸਾਰੇ ਪ੍ਰੋਜੈਕਟ ਤੈਅ ਸਮਾਂ ਹੱਦ ਵਿਚ ਪੂਰੇ ਕਰਕੇ ਵਰਤੋਂ ਸਰਟੀਫਿਕੇਟ ਜਲਦ ਜਮਾਂ ਕਰਵਾਏ ਜਾਣ ਤਾਂ ਜੋ ਵਿਭਾਗਾਂ ਨੂੰ ਸਰਕਾਰ ਵਿਕਾਸ ਕਾਰਜਾਂ ਲਈ ਹੋਰ ਫੰਡ ਜਾਰੀ ਕਰ ਸਕੇ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 5 ਲੱਖ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਚੌਗਿਰਦੇ ਨੂੰ ਹਰਾ ਭਰਾ ਕੀਤਾ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜ਼ਿਲ੍ਹੇ ਵਿਚ ਚੱਲ ਰਹੇ ਪ੍ਰੋਜੈਕਟਾਂ ਸਬੰਧੀ ਪ੍ਰੈਜੇਟੇਸ਼ਨ ਕੈਬਨਿਟ ਮੰਤਰੀ ਨੂੰ ਦਿੱਤੀ।
ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਸ੍ਰੀ ਭਾਗੀਰਥ ਮੀਨਾ ਨੇ ਦੋਹਾਂ ਕੈਬਨਿਟ ਮੰਤਰੀਆਂ ਦਾ ਸਵਾਗਤ ਕੀਤਾ।
ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਚੇਅਰਮੈਨ ਜਸ਼ਨ ਬਰਾੜ, ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਵਧੀਕ ਡਿਪਟੀ ਕਮਿਸ਼ਨਰ ਸ: ਸੁਖਪ੍ਰੀਤ ਸਿੰਘ ਸਿੱਧੂ,ਸ੍ਰੀਮਤੀ ਬਲਜੀਤ ਕੌਰ, ਡਾ. ਸੰਜੀਵ ਕੁਮਾਰ, ਸ੍ਰੀ ਅਜੀਤਪਾਲ ਸਿੰਘ ਐਸ.ਡੀ. ਐਮਜ, ਵਰਿੰਦਰ ਢੋਸੀਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।