ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਿਰੋਜ਼ਪੁਰ
ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਪਹਿਲੀ ਰਹਿਰਸਲ, ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ
ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ
ਫਿਰੋਜ਼ਪੁਰ 9 ਅਗਸਤ 2024.
15 ਅਗਸਤ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ. ਦਫ਼ਤਰ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਰਵਾਇਤੀ ਸ਼ਾਨੋ-ਸ਼ੌਕਤ 'ਤੇ ਉਤਸ਼ਾਹ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਦੇਖ-ਰੇਖ਼ ਹੇਠ ਪਹਿਲੀ ਰਿਹਰਸਲ ਸਟੇਡੀਅਮ ਵਿਖੇ ਸਕੂਲੀ ਵਿਦਿਆਰਥੀਆਂ ਵੱਲੋਂ ਕੀਤੀ ਗਈ। ਇਸ ਮੌਕੇ ਐੱਸ.ਐੱਸ ਪੀ. ਸੋਮਿਆ ਮਿਸ਼ਰਾ ਅਤੇ ਐੱਸ.ਡੀ.ਐੱਮ. ਡਾ. ਚਾਰੂਮਿੱਤਾ ਸ਼ੇਖਰ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਤੇ ਪਰੇਡ ਤੋਂ ਸਲਾਮੀ ਲੈਣਗੇ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦੇਣਗੇ।
ਰਿਹਰਸਲ ਸਮੇਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਿੱਧਾ, ਕੋਰੀਓਗ੍ਰਾਫ਼ੀ, ਬੈਂਡ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਐਨ.ਸੀ.ਸੀ, ਸਕਾਊਟ ਅਤੇ ਗਾਈਡ ਦੀਆਂ ਟੁਕੜੀਆਂ ਵੱਲੋਂ ਵੀ ਸਲਾਮੀ ਦਿੱਤੀ ਗਈ। ਰਿਹਰਸਲ ਤੋਂ ਬਾਅਦ ਅਧਿਕਾਰੀਆਂ ਵੱਲੋਂ ਸਕੂਲਾਂ ਦੇ ਟੀਚਰਾਂ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਪੇਸ਼ਕਾਰੀ ਵਿੱਚ ਪਾਈ ਗਈ ਖਾਮੀਆ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਉਸ ਨੂੰ ਦੁਰੱਸਤ ਕਰਨ ਬਾਰੇ ਕਿਹਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸੁਤੰਤਰਤਾ ਦਿਵਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚੋਂ ਨਗਰ ਕੌਂਸਲ, ਸਿੱਖਿਆ ਵਿਭਾਗ, ਸਿਹਤ ਵਿਭਾਗ, ਪੀ.ਡਬਲਯੂ.ਡੀ. ਵਿਭਾਗ, ਪੁਲਿਸ ਵਿਭਾਗ, ਜੰਗਲਾਤ ਵਿਭਾਗ, ਬਾਗ਼ਬਾਨੀ ਵਿਭਾਗ, ਡੇਅਰੀ ਵਿਭਾਗ, ਖੇਡ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਡੀਡੀਪੀਓ, ਯੁਵਕ ਸੇਵਾਵਾਂ ਵਿਭਾਗ ਅਤੇ ਖ਼ੁਰਾਕ ਸਪਲਾਈ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਆਦਿ ਸ਼ਾਮਲ ਸਨ, ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਡੀ.ਡੀ.ਪੀ.ਓ. ਜਸਵੰਤ ਸਿੰਘ ਬੜੈਚ, ਡੀ.ਐਸ.ਪੀ. ਸੁਖਵਿੰਦਰ ਸਿੰਘ, ਡਿਪਟੀ ਡੀ.ਈ.ਓ. ਪ੍ਰਗਟ ਬਰਾੜ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।