ਪਹਿਲੀ ਗਰਾਂਟ ਨਾਲ ਜੀਐਨਡੀਯੂ ਦੀ ਐਸਟਰੋ ਟਰਫ਼ ਦੀ ਮੁਰੰਮਤ ਕਰਵਾਈ ਜਾਵੇਗੀ - ਔਜਲਾ
ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ 2.5 ਕਰੋੜ ਰੁਪਏ ਦਿੱਤੇ ਜਾਣ ਅੰਮ੍ਰਿਤਸਰ - ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਉਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਵਾਪਸ ਪਰਤੀ ਕੌਮੀ ਹਾਕੀ ਟੀਮ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਬੜੇ ਉਤਸ਼ਾਹ ਨਾਲ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਲਈ ਇਕ ਕਰੋੜ ਘੱਟ ਰਕਮ ਹੈ। ਉਨ੍ਹਾਂ ਹਾਕੀ ਖਿਡਾਰੀਆਂ ਨੂੰ ਤੋਹਫ਼ਾ ਦਿੰਦਿਆਂ ਕਿਹਾ ਕਿ ਜਦੋਂ ਪਹਿਲੀ ਗਰਾਂਟ ਆਵੇਗੀ ਤਾਂ ਉਹ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਐਸਟਰੋ ਟਰਫ਼ ਦੀ ਮੁਰੰਮਤ ਕਰਵਾਉਣਗੇ ਅਤੇ ਹਰ ਸਾਲ ਇੱਕ ਟਰਫ਼ ਬਣਾਈ ਜਾਵੇਗੀ।
ਖਿਡਾਰੀਆਂ ਲਈ 1 ਕਰੋੜ ਰੁਪਏ ਦੀ ਰਾਸ਼ੀ ਦੇ ਐਲਾਨ 'ਤੇ ਉਨ੍ਹਾਂ ਕਿਹਾ ਕਿ ਪਿਛਲੀ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਜੇਤੂ ਟੀਮ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਉਸ ਸਮੇਂ ਦੇ ਸੰਸਦ ਮੈਂਬਰ ਔਜਲਾ ਨੇ ਖੁਦ 2 ਕਰੋੜ 51 ਲੱਖ ਰੁਪਏ ਦੇਣ 'ਤੇ ਜ਼ੋਰ ਦਿੱਤਾ ਸੀ ਅਤੇ ਫਿਰ ਉਹਨਾੰ ਨੂੰ 2.51 ਕਰੋਡ਼ ਮਿਲੇ ਸਨ। ਐਮ.ਪੀ ਔਜਲਾ ਨੇ ਕਿਹਾ ਕਿ ਉਹ ਖੁਦ ਖਿਡਾਰੀ ਰਹੇ ਹਨ ਅਤੇ ਜਾਣਦੇ ਹਨ ਕਿ ਦਿਨ-ਰਾਤ ਸਖ਼ਤ ਮਿਹਨਤ ਕਰਕੇ ਹੀ ਜਿੱਤ ਹਾਸਲ ਕੀਤੀ ਜਾ ਸਕਦੀ ਹੈ। ਐਮ.ਪੀ ਔਜਲਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਰੋਕਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਜਦੋਂ ਹਰਿਆਣਾ ਖਿਡਾਰੀਆਂ ਨੂੰ 2.5 ਕਰੋੜ ਰੁਪਏ ਦੇ ਰਿਹਾ ਹੈ ਤਾਂ ਪੰਜਾਬ ਦੇ ਖਿਡਾਰੀਆਂ ਨੂੰ ਵੀ ਢਾਈ ਕਰੋੜ ਰੁਪਏ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਖਿਡਾਰੀ ਸਾਰਿਆਂ ਲਈ ਮਿਸਾਲ ਬਣ ਕੇ ਉਭਰੇ ਹਨ ਅਤੇ ਨੌਜਵਾਨਾਂ ਨੂੰ ਇਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਆਉਣ ਵਾਲੀ ਪੀੜ੍ਹੀ ਨੂੰ ਖੇਡਾਂ ਵਿੱਚ ਰੁਚੀ ਦਿਖਾਉਣੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਚਹੇਤਿਆਂ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ।