ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ
- ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ‘ਚ ਬੇਹੱਦ ਸਹਾਈ ਸਿੱਧ ਹੋਵੇਗਾ ਇਨਕਲਾਬ ਮੇਲਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ਖਟਕੜ ਕਲਾਂ, (ਬੰਗਾ) 28 ਸਤੰਬਰ:-
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨਾ ਸਿਰਫ ਭਾਰਤ ਬਲਕਿ ਪੂਰੇ ਵਿਸ਼ਵ ਦਾ ਮਾਣ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦਿੰਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸਮੁੱਚੇ ਦੇਸ਼ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਇਸ ਮਹਾਨ ਸ਼ਹੀਦ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸਮੁੱਚਾ ਪੰਜਾਬ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਵਿਸ਼ੇਸ਼ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਮੁੜ ਤੋਂ ਮੇਲੇ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸੇ ਤਹਿਤ ਖਟਕੜ ਕਲਾਂ ਵਿਖੇ ਦੋ ਦਿਨਾਂ 'ਇਨਕਲਾਬ ਮੇਲਾ' ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ। ਇਹ 'ਇਨਕਲਾਬ ਮੇਲਾ' ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਵਿਚ ਬੇਹੱਦ ਸਹਾਈ ਸਿੱਧ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਖਟਕੜ ਕਲਾਂ ਵਿਖੇ ਸਹੂੰ ਚੁੱਕੀ ਸੀ ਅਤੇ ਅੱਜ ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਆਜ਼ਾਦੀ ਦੇ ਅਸਲੀ ਨਾਇਕਾਂ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਏਅਰਪੋਰਟ ਦਾ ਨਾਂ ਵੀ ਸ਼ਹੀਦ ਭਗਤ ਸਿੰਘ ਦੇ ਨਾਂ ਉੱਤੇ ਰੱਖਿਆ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਬੁੱਤ ਨੂੰ ਨਮਨ ਕੀਤਾ।
ਤਰੁਨਪ੍ਰੀਤ ਸਿੰਘ ਸੌਂਦ ਨੇ ਇਨਕਲਾਬ ਮੇਲੇ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ। ਇਸ ਸਮੇਂ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਮੋਹਿੰਦਰ ਭਗਤ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸੰਤੋਸ਼ ਕਟਾਰੀਆ ਅਤੇ ਡਾ. ਸੁਖਵਿੰਦਰ ਸੁੱਖੀ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਕਬਿਲੇਗੌਰ ਹੈ ਕਿ ਦੋ ਦਿਨ ਚੱਲਣ ਵਾਲੇ ਇਸ ਇਨਕਲਾਬ ਮੇਲੇ ਮੌਕੇ ਸ਼ਾਨਦਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਦੌਰਾਨ ਨਾਮਵਰ ਗਾਇਕਾਂ ਅਤੇ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਮੇਲੇ ਦੌਰਾਨ ਸ਼ਹੀਦ ਭਗਤ ਸਿੰਘ ਨਾਲ ਸਬੰਧਿਤ ਨਾਟਕਾਂ ਦੀ ਪੇਸ਼ਕਾਰੀ ਤੋਂ ਇਲਾਵਾ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਗਏ ਹਨ। ਖਾਣ-ਪੀਣ ਦੇ ਸਟਾਲਾਂ ਤੋਂ ਇਲਾਵਾ ਬੱਚਿਆਂ ਲਈ ਝੂਲੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ।
ਸੋਂਦ ਨੇ ਮੇਲੇ ਦੇ ਵਧੀਆ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪੰਜਾਬ ਦੇ ਪੈਰਾ ਉਲੰਪੀਅਨਾਂ ਦਾ ਸਨਮਾਨ ਵੀ ਕੀਤਾ।
ਪ੍ਰੋਗਰਾਮ ਦੌਰਾਨ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ ਡਾ. ਮਹਿਤਾਬ ਸਿੰਘ ਸਮੇਤ ਭਾਰੀ ਗਿਣਤੀ ‘ਚ ਲੋਕ ਹਾਜ਼ਰ ਸਨ।