ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਲੁਧਿਆਣਾ
ਡੀ.ਸੀ ਨੇ ਪੀ.ਏ.ਯੂ ਅਤੇ ਐਸ.ਪੀ ਮਿੱਤਲ ਸਕੂਲ ਦੇ ਉਪ-ਰਾਸ਼ਟਰਪਤੀ ਦੇ ਦੌਰੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵੀ ਪੀ.ਏ.ਯੂ ਵਿਖੇ ਇੰਡੀਅਨ ਈਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ ਵਿੱਚ ਸ਼ਾਮਲ ਹੋਣਗੇ
ਲੁਧਿਆਣਾ, 11 ਨਵੰਬਰ (2024) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਪ-ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਦੀ 12 ਨਵੰਬਰ ਨੂੰ ਲੁਧਿਆਣਾ ਫੇਰੀ ਲਈ ਪੁਖਤਾ ਪ੍ਰਬੰਧ ਕੀਤੇ ਜਾਣ।
ਉਪ-ਰਾਸ਼ਟਰਪਤੀ ਇੰਡੀਅਨ ਇਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ-2024 ਦੀ ਪ੍ਰਧਾਨਗੀ ਕਰਨਗੇ, ਜਿਸ ਦਾ ਆਯੋਜਨ ਇੰਡੀਅਨ ਇਕੋਲੋਜੀਕਲ ਸੁਸਾਇਟੀ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਬਾਅਦ ਵਿੱਚ, ਉਪ-ਰਾਸ਼ਟਰਪਤੀ ਜੀ ਸਤਪਾਲ ਮਿੱਤਲ ਸਕੂਲ ਵਿੱਚ ਸਤਪਾਲ ਮਿੱਤਲ ਨੈਸ਼ਨਲ ਅਵਾਰਡ ਦੇ 32ਵੇਂ ਐਡੀਸ਼ਨ ਵਿੱਚ ਵੀ ਸ਼ਿਰਕਤ ਕਰਨਗੇ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੀ ਪੀ.ਏ.ਯੂ ਵਿਖੇ ਇੰਡੀਅਨ ਈਕੋਲੋਜੀਕਲ ਸੁਸਾਇਟੀ ਇੰਟਰਨੈਸ਼ਨਲ ਕਾਨਫਰੰਸ ਵਿੱਚ ਹਿੱਸਾ ਲੈਣਗੇ।
ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਦੋਵਾਂ ਥਾਵਾਂ 'ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਵਿਭਾਗ ਨੂੰ ਲੋੜੀਂਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਟ੍ਰੈਫਿਕ ਅਤੇ ਪਾਰਕਿੰਗ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਸਾਰੀਆਂ ਥਾਵਾਂ 'ਤੇ ਲੋੜੀਂਦਾ ਮੈਡੀਕਲ ਸਟਾਫ ਨਿਯੁਕਤ ਕਰਨ ਅਤੇ ਸਿਹਤ ਪ੍ਰੋਟੋਕੋਲ ਦੇ ਅਨੁਸਾਰ ਲੋੜੀਂਦੀਆਂ ਸਹੂਲਤਾਂ ਸਥਾਪਤ ਕਰਨ ਲਈ ਵੀ ਆਦੇਸ਼ ਦਿੱਤੇ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਅੱਗ ਬੁਝਾਊ ਵਿਭਾਗ ਨੂੰ ਅੱਗ ਬੁਝਾਉਣ ਦੇ ਢੁਕਵੇਂ ਪ੍ਰਬੰਧ ਕਰਨ ਦਾ ਕੰਮ ਸੌਂਪਿਆ ਗਿਆ ਹੈ।
ਇਸ ਤੋਂ ਇਲਾਵਾ ਸ੍ਰੀ ਜਤਿੰਦਰ ਜੋਰਵਾਲ ਨੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਪ ਰਾਸ਼ਟਰਪਤੀ ਦੇ ਦੌਰੇ ਨੂੰ ਸੁਚਾਰੂ ਅਤੇ ਤਸੱਲੀਬਖਸ਼ ਢੰਗ ਨਾਲ ਆਯੋਜਿਤ ਕਰਨ ਨੂੰ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।