ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
Thursday, 21 Nov 2024 18:30 pm
Arth Parkash : Latest Hindi News, News in Hindi
ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਭਗਵੰਤ ਮਾਨ ਨੇ ਪ੍ਰਦੂਸ਼ਣ ਮੁਕਤ ਪਲਾਂਟ ਲਈ ਦੁਹਰਾਈ ਵਚਨਬੱਧਤਾ
ਨਿਗਰਾਨ ਕਮੇਟੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਕਰੇਗਾ ਪ੍ਰੋਜੈਕਟ ਦੀ ਨਿਰੰਤਰ ਨਿਗਰਾਨੀ
ਸਕਾਰਾਤਮਕ ਪਹੁੰਚ ਅਤੇ ਜਨਤਕ ਸਹਿਯੋਗ ਲਈ ਕੀਤਾ ਪਿੰਡ ਵਾਸੀਆਂ ਦਾ ਧੰਨਵਾਦ
ਚੰਡੀਗੜ੍ਹ, 22 ਨਵੰਬਰ:
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਬਾਇਓਗੈਸ ਪਲਾਂਟ ਦੇ ਮਸਲੇ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਮਸਲੇ ਨੂੰ ਸੁਚੱਜੇ ਢੰਗ ਨਾਲ ਸੁਲਝਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਪਿੰਡ ਵਾਸੀ ਹਰਦੀਪ ਸਿੰਘ ਅਤੇ ਨਵੇਂ ਚੁਣੇ ਸਰਪੰਚ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਪਿੰਡ ਦੇ ਇੱਕ ਵਫ਼ਦ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ ।
ਇਸ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਰਹਿਤ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਜੈਕਟ ਦੀ ਨਿਯਮਤ ਤੌਰ ’ਤੇ ਨਿਗਰਾਨੀ ਕਰਨ ਲਈ ਸਾਰੇ ਭਾਈਵਾਲਾਂ ਦੀ ਇੱਕ ਨਿਗਰਾਨ ਕਮੇਟੀ ਕਾਰਜਸ਼ੀਲ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਹੋਣ ਵਾਲੇ ਪ੍ਰਦੂਸ਼ਣ ਵਿਰੁੱਧ ਸੂਬਾ ਸਰਕਾਰ ਨੇ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਕਰਨ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪਲਾਂਟ ਮਾਲਕਾਂ ਨੇ ਸੂਬਾ ਸਰਕਾਰ ਨਾਲ ਲਿਖਤੀ ਸਮਝੌਤਾ ਕੀਤਾ ਹੈ ਕਿ ਉਨ੍ਹਾਂ ਦਾ ਪਲਾਂਟ ਵਾਤਾਵਰਣ ਦੇ ਸਾਰੇ ਨਿਯਮਾਂ ਦੀ ਪਾਲਣਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਲਾਂਟ ’ਤੇ ਸਖ਼ਤ ਨਜ਼ਰ ਰੱਖੇਗਾ ਤਾਂ ਜੋ ਇਸ ਦੀ ਕਾਰਵਾਈ ਦੌਰਾਨ ਕੋਈ ਉਲੰਘਣਾ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਤਾਵਰਣ ਦੇ ਨਿਯਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਪੂਰੀ ਤਰ੍ਹਾਂ ਨਾਲ ਗੈਰ-ਵਾਜਬ ਅਤੇ ਵਰਜਿਤ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਆਪਣੀ ਸਕਾਰਾਤਮਕ ਪਹੁੰਚ ਰਾਹੀਂ ਸਰਕਾਰ ਦੇ ਕੰਮਕਾਜ ਵਿੱਚ ਪੂਰਨ ਸਹਿਯੋਗ ਦੀ ਇੱਕ ਨਵੀਂ ਮਿਸਾਲ ਪੇਸ਼ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਪਿੰਡ ਵਿੱਚ ਅਤਿ- ਆਧੁਨਿਕ ਖੇਡ ਨਰਸਰੀ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਇਸੇ ਤਰ੍ਹਾਂ ਉਨ੍ਹਾਂ ਪਿੰਡ ਵਿੱਚ ਹਾਈਟੈਕ ਲਾਇਬ੍ਰੇਰੀ ਸਥਾਪਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਦੀ ਹੋਰ ਵੀ ਹਰ ਜਾਇਜ਼ ਮੰਗ ਨੂੰ ਪ੍ਰਵਾਨ ਕੀਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਹਾਜ਼ਰ ਸਨ।
--------------