ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤ
ਸੂਬੇ ਵਿੱਚ 1500 ਤੋਂ ਵੱਧ ਨੂੰ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ
ਚੰਡੀਗੜ੍ਹ, 22 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਡ (ਵੀ.ਐਸ.ਐਸ.ਐਲ.) ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਵੀ.ਐਸ.ਐਸ.ਐਲ. ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਵੀ.ਐਸ.ਐਸ.ਐਲ. 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪ੍ਰਤੀ ਸਾਲ 5 ਲੱਖ ਟਨ ਦੀ ਸਮਰੱਥਾ ਵਾਲਾ ਇਹ ਪ੍ਰੋਜੈਕਟ ਜਪਾਨ ਦੀ ਕੰਪਨੀ 'ਏਚੀ ਸਟੀਲ ਕਾਰਪੋਰੇਸ਼ਨ' ਦੇ ਸਹਿਯੋਗ ਨਾਲ 1750 ਕਰੋੜ ਰੁਪਏ ਦੇ ਨਿਵੇਸ਼ ਨਾਲ ਸਥਾਪਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸੂਬੇ ਦੇ 1500 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲਣ ਦੀ ਉਮੀਦ ਹੈ ਅਤੇ ਕੰਪਨੀ ਇਸ ਪਲਾਂਟ ਤੋਂ “ਗਰੀਨ ਸਟੀਲ” ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਅਤੇ ਦੇਸ਼ ਲਈ ਵੱਡਾ ਮਾਲੀਆ ਪੈਦਾ ਕਰੇਗਾ ਕਿਉਂਕਿ ਵੱਖ-ਵੱਖ ਜਾਪਾਨੀ/ਯੂਰਪੀਅਨ ਕੰਪਨੀਆਂ ਨੂੰ ਕੁੱਲ ਉਤਪਾਦਨ ਦਾ 20 ਫੀਸਦੀ ਤੋਂ ਵੱਧ ਨਿਰਯਾਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੀ.ਐਸ.ਐਸ.ਐਲ. ਵਿਸ਼ਵ ਭਰ ਵਿੱਚ ਨਾਮੀ ਕੰਪਨੀ ਹੈ ਅਤੇ ਇਸ ਵੱਕਾਰੀ ਕੰਪਨੀ ਵੱਲੋਂ ਸੂਬੇ ਵਿੱਚ ਕੀਤਾ ਗਿਆ ਵੱਡਾ ਨਿਵੇਸ਼ ਹੋਰ ਕੰਪਨੀਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਹੁਣ ਤੱਕ ਸੂਬੇ ਵਿੱਚ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਵਰਗੀਆਂ ਮੋਹਰੀ ਕੰਪਨੀਆਂ ਦੇ ਨਾਲ ਲਗਭਗ 86,000 ਕਰੋੜ ਰੁਪਏ ਦਾ ਨਿਵੇਸ਼ ਸੂਬੇ ਵਿੱਚ ਆ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਅਧਾਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀਆਂ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਵਿੱਚ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ, ਉੱਤਮ ਉਦਯੋਗਿਕ ਅਤੇ ਕਿਰਤ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਉੱਦਮਾਂ ਲਈ ਹਮੇਸ਼ਾ ਤਿਆਰ ਹੈ।
ਇਸ ਮੌਕੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ। ---------