ਨਗਰ ਨਿਗਮ ਮੋਹਾਲੀ ਨੇ ਗੈਰ-ਪ੍ਰਵਾਨਿਤ ਉਸਾਰੀਆਂ ਖਿਲਾਫ ਵਿਆਪਕ ਮੁਹਿੰਮ ਚਲਾਈ
ਐਸ.ਏ.ਐਸ.ਨਗਰ, 26 ਦਸੰਬਰ, 2024: ਕਮਿਸ਼ਨਰ ਐਮ.ਸੀ. ਮੋਹਾਲੀ ਵੱਲੋਂ ਸੰਯੁਕਤ ਕਮਿਸ਼ਨਰ, ਸਹਾਇਕ ਕਮਿਸ਼ਨਰ, ਮਿਉਂਸਪਲ ਟਾਊਨ ਪਲਾਨਰ ਅਤੇ ਸਮੂਹ ਟਾਊਨ ਪਲੈਨਿੰਗ ਅਫ਼ਸਰਾਂ/ਅਧਿਕਾਰੀਆਂ ਦੇ ਨਾਲ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿੱਚ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਇੱਕ ਵਿਆਪਕ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਟੀ ਬੇਨਿਥ ਨੇ ਦੱਸਿਆ ਕਿ ਮਟੌਰ ਅਤੇ ਕੁੰਭੜਾ ਪਿੰਡਾਂ ਵਿੱਚ ਬਿਨਾਂ ਕਿਸੇ ਮਨਜ਼ੂਰੀ ਦੇ ਚੱਲ ਰਹੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਖਾਸ ਕਰਕੇ ਬਿਲਡਿੰਗ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸ਼ਨੀਵਾਰ, ਐਤਵਾਰ ਅਤੇ ਛੁੱਟੀ ਵਾਲੇ ਦਿਨ ਵੀ ਨਗਰ ਨਿਗਮ ਅਧੀਨ ਪੈਂਦੇ ਇਲਾਕਿਆਂ ਵਿੱਚ ਨਾਜਾਇਜ਼ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਬਿਨਾਂ ਪ੍ਰਵਾਨਗੀ ਤੋਂ ਕੋਈ ਉਸਾਰੀ ਨਾ ਹੋਣ ਦਿੱਤੀ ਜਾਵੇ ਅਤੇ ਕਿਸੇ ਵੀ ਗੈਰ-ਕਾਨੂੰਨੀ ਉਸਾਰੀ ਵਿਰੁੱਧ ਕਾਨੂੰਨ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।