ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਲੁਧਿਆਣਾ
ਪੰਜਾਬ ਸਰਕਾਰ ਵੱਲੋ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸਤਿਗੁਰੂ ਰਾਮ ਸਿੰਘ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਕੀਤੀ ਅਪੀਲ
ਭੈਣੀ ਸਾਹਿਬ (ਲੁਧਿਆਣਾ), 2 ਫਰਵਰੀ (2025) - ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਞਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਨਾਮਧਾਰੀ ਸੰਪਰਦਾ ਦੇ ਸੰਸਥਾਪਕ ਸਤਿਗੁਰੂ ਰਾਮ ਸਿੰਘ ਜੀ ਨੇ ਆਜ਼ਾਦੀ ਸੰਗਰਾਮ ਵਿੱਚ ਮੁੱਖ ਭੂਮਿਕਾ ਨਿਭਾਈ ਅਤੇ ਬ੍ਰਿਟਿਸ਼ ਸ਼ਾਸਨ ਵਿਰੁੱਧ ਨਾ ਮਿਲਵਰਤਣ ਅੰਦੋਲਨ ਨੂੰ ਹਥਿਆਰ ਵਜੋਂ ਵਰਤਿਆ ਸੀ, ਇਸ ਤੋਂ ਇਲਾਵਾ ਉਨ੍ਹਾਂ ਦੇ ਜੀਵਨ ਅਤੇ ਦਰਸ਼ਨ ਨੇ ਸਮਾਜ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਵਿੱਚ ਮਦਦ ਕੀਤੀ।
ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਭੈਣੀ ਸਾਹਿਬ ਵਿਖੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਞਿਢੇ ਗਏ ਨਾ ਮਿਲਵਰਤਣ ਅੰਦੋਲਨ ਤੋਂ ਬਾਅਦ, ਲੋਕ ਬ੍ਰਿਟਿਸ਼ ਸਰਕਾਰ ਵਿਰੁੱਧ ਲਾਮਬੰਦ ਹੋਏ ਅਤੇ ਬ੍ਰਿਟਿਸ਼ ਸਰਕਾਰ ਦੀਆਂ ਸੇਵਾਵਾਂ/ਸਹੂਲਤਾਂ ਅਤੇ ਸਾਮਾਨ ਦਾ ਬਾਈਕਾਟ ਕੀਤਾ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਪ੍ਰਚਾਰੇ ਗਏ ਆਦਰਸ਼ਾਂ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਹੋਰ ਉੱਘੇ ਆਜ਼ਾਦੀ ਘੁਲਾਟੀਆਂ ਨੇ ਵੀ ਅਪਣਾਇਆ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਦੀ ਅਗਵਾਈ ਹੇਠ ਕੂਕਾ ਸ਼ਹੀਦਾਂ ਵੱਲੋਂ ਕੀਤੀਆਂ ਕੁਰਬਾਨੀਆਂ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ ਅਤੇ ਸਮਾਜ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਜਨਤਾ ਦੀ ਮਦਦ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਣਾ ਹੋਵੇਗਾ ਅਤੇ ਲੋਕਾਂ ਨੂੰ ਸਮਾਜ ਵਿੱਚ ਤਬਦੀਲੀ ਲਿਆਉਣ ਲਈ ਉਨ੍ਹਾਂ ਦੀ ਵਿਚਾਰਧਾਰਾ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਇਹ ਵੀ ਕਿਹਾ ਕਿ ਨਾਮਧਾਰੀ ਸੰਪਰਦਾ ਨੇ ਹਮੇਸ਼ਾ ਖੇਤੀਬਾੜੀ ਅਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਨਾਮਧਾਰੀ ਭਾਈਚਾਰੇ ਨੂੰ ਪੂਰਨ ਸਮਰਥਨ ਦੇਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਸਤਿਗੁਰੂ ਉਦੈ ਸਿੰਘ ਜੀ ਨੇ ਕੈਬਨਿਟ ਮੰਤਰੀ ਨੂੰ ਸਨਮਾਨਿਤ ਵੀ ਕੀਤਾ।