ਯੁੱਧ ਨਸ਼ਿਆਂ ਵਿਰੁੱਧ': ਜਲੰਧਰ ਅਤੇ ਮੰਡੀ ਗੋਬਿੰਦਗੜ੍ਹ ਵਿਖੇ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ
- ਨਸ਼ਾ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਤੋਂ ਖੁਸ਼ ਹੋ ਕੇ ਲੋਕਾਂ ਨੇ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 5 ਮਾਰਚ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਜਲੰਧਰ ਅਤੇ ਮੰਡੀ ਗੋਬਿੰਦਗੜ੍ਹ (ਜ਼ਿਲ੍ਹਾ ਫਤਹਿਗੜ੍ਹ ਸਾਹਿਬ) ਦੇ ਨਸ਼ਾ ਤਸਕਰਾਂ ਦੇ ਘਰ ਢਾਹੇ ਗਏ ਹਨ।
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਦੇ ਤਾਲਮੇਲ ਨਾਲ ਬੁੱਧਵਾਰ ਨੂੰ ਇੱਕ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਸਰਕਾਰੀ ਜ਼ਮੀਨ 'ਤੇ ਕਥਿਤ ਤੌਰ 'ਤੇ ਡਰੱਗ ਪੈਸੇ ਦੀ ਵਰਤੋਂ ਕਰਕੇ ਬਣਾਏ ਗਏ ਕਬਜ਼ੇ ਵਾਲੇ ਢਾਂਚੇ ਨੂੰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਹਿੱਸੇ ਵਜੋਂ ਢਾਹਿਆ ਗਿਆ।
ਪੁਲਿਸ ਕਮਿਸ਼ਨਰ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੂੰ ਇੱਕ ਬਦਨਾਮ ਨਸ਼ਾ ਤਸਕਰ, ਧਰਮਿੰਦਰ ਪੁੱਤਰ ਮੋਹਨ ਲਾਲ ਵਾਸੀ ਧੰਕੀਆ ਮੁਹੱਲਾ, ਜਲੰਧਰ, ਵੱਲੋਂ ਸਰਕਾਰੀ ਜ਼ਮੀਨ 'ਤੇ ਗੈਰ-ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਮਿਲੀ ਸੀ। ਇਹ ਜਾਇਦਾਦ ਕਥਿਤ ਤੌਰ 'ਤੇ ਉਸਦੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਪ੍ਰਾਪਤ ਆਮਦਨ ਦੀ ਵਰਤੋਂ ਕਰਕੇ ਬਣਾਈ ਗਈ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਨਗਰ ਨਿਗਮ ਅਤੇ ਪੁਲਿਸ ਟੀਮਾਂ ਹਰਕਤ ਵਿੱਚ ਆ ਗਈਆਂ ਅਤੇ ਕਬਜ਼ੇ ਵਾਲੇ ਢਾਂਚੇ ਨੂੰ ਢਾਹ ਦਿੱਤਾ, ਜਿਸ ਨਾਲ ਇੱਕ ਸਖ਼ਤ ਸੰਦੇਸ਼ ਗਿਆ ਕਿ ਜਲੰਧਰ ਵਿੱਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੁਲਿਸ ਕਮਿਸ਼ਨਰ ਜਲੰਧਰ ਨੇ ਅੱਗੇ ਦੱਸਿਆ ਕੀਤਾ ਕਿ ਧਰਮਿੰਦਰ ਇੱਕ ਆਦਤਨ ਅਪਰਾਧੀ ਹੈ, ਜਿਸ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਛੇ ਮਾਮਲੇ ਦਰਜ ਹਨ। ਜ਼ਿਕਰਯੋਗ ਹੈ ਕਿ ਫਿਲੌਰ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਢਾਂਚਿਆਂ ਨੂੰ ਢਾਹੁਣ ਸਮੇਤ ਪਹਿਲਾਂ ਵੀ ਅਜਿਹੀਆਂ ਕਾਰਵਾਈਆਂ ਕੀਤੀਆਂ ਗਈਆਂ ਹਨ।
ਉੱਧਰ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੌਨੀ ਵਿਖੇ ਇੱਕ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। ਇਹ ਮਕਾਨ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਕੇ ਬਣਾਇਆ ਹੋਇਆ ਸੀ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮਾਸਟਰ ਕਲੌਨੀ ਦੇ ਇਸ ਪਰਿਵਾਰ 'ਤੇ 2024 ਵਿੱਚ ਐਨ.ਡੀ.ਪੀ.ਐਸ.ਐਕਟ ਅਧੀਨ 02 ਮੁਕੱਦਮੇ ਦਰਜ਼ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 06 ਹੋਰ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਛੇਤੀ ਹੀ ਇਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ 'ਤੇ ਇੱਕ ਵੀ ਨਸ਼ੇ ਦਾ ਸੌਦਾਗਰ ਰਹਿਣ ਨਹੀਂ ਦਿੱਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਮੰਡੀ ਗੋਬਿੰਦਗੜ੍ਹ ਦੇ ਸਥਾਨਕ ਮੁਹੱਲਾ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੁਲਿਸ ਪ੍ਰਸ਼ਾਸ਼ਨ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।