ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਖੇਤੀਬਾੜੀ ਅਤੇ ਪੰਜਾਬ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਨਰਮੇ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਪ੍ਰੇਰਿਤ
ਮੰਤਰੀ ਡਾ ਬਲਜੀਤ ਕੌਰ ਨੇ ਕਿਸਾਨਾਂ ਨੂੰ ਮਿੱਟੀ ਦੀ ਪਰਖ ਕਰਵਾਉਣ ਲਈ ਕੀਤਾ ਪ੍ਰੇਰਤ
ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ
ਸ.ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਕਾਸ ਕਾਰਜਾਂ ਤਹਿਤ ਸ੍ਰੀ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਨਵੀਂ ਦਾਣਾ ਮੰਡੀ, ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ।
ਇਸ ਕੈਂਪ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਅਤੇ ਡਾ: ਬਲਜੀਤ ਕੌਰ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਰਿਵਾਇਤੀ ਫਸਲਾਂ ਨੂੰ ਛੱਡ ਕੇ ਖੇਤੀਬਾੜੀ ਧੰਦੇ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਬਾਗਬਾਨੀ, ਡੇਅਰੀ, ਮੱਛੀ ਪਾਲਣ, ਮੁੱਰਗੀ ਪਾਲਣ, ਫੁੱਲਾਂ ਦੀ ਕਾਸਤ, ਘੋੜੇ-ਘੋੜੀਆਂ ਅਤੇ ਚੰਗੀਆਂ ਨਸਲਾਂ ਦੇ ਪਸ਼ੂ ਪਾਲਣ ਵਰਗੇ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸੱਕਦੇ ਹਨ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਾਸ਼ਤ ਕਰਨ ਤੋਂ ਪਹਿਲਾਂ ਆਪਣੀ ਵਾਹੀਯੋਗ ਜਮੀਨ ਦ ਮਿੱਟੀ ਦੀ ਪਰਖ ਜ਼ਰੂਰ ਕਰਵਾਉਣੀ ਚਾਹੀਦੀ ਹੈ ਤਾਂ ਜੋ ਉਸ ਅਨੁਸਾਰ ਹੀ ਖੇਤੀ ਕੀਤੀ ਜਾਵੇ। ਉਨਾਂ ਅੱਗੇ ਕਿਹਾ ਕਿ ਸਰਕਾਰ ਵਲੋਂ ਖੇਤਾਂ ਲਈ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਰਜਬਾਹੇ ਅਤੇ ਖਾਲੇਆਂ ਦਾ ਨਵੀਨੀਕਰਨ ਕੀਤਾ ਗਿਆ ਹੈ ਤਾਂ ਜੋ ਟੇਲਾਂ 'ਤੇ ਸਥਿਤ ਖੇਤਾਂ ਤੱਕ ਪਾਣੀ ਨੂੰ ਪਹੁੰਚਾਇਆ ਜਾ ਸਕੇ।
ਇਸੇ ਮੌਕੇ ਤੇ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਹਲਕਾ ਸ੍ਰੀ ਮੁਕਤਸਰ ਸਾਹਿਬ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਦੇ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਖੇਤੀ ਕਰਨ ਤਾਂ ਜੋ ਉਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਡਾ: ਤੇਜਪਾਲ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨ ਹਿੱਤ ਵਿੱਚ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਫਸਲਾਂ ਦੀ ਕਾਸ਼ਤ ਕਰਨ ਅਤੇ ਇਸ ਮੰਤਵ ਲਈ ਆਪਣੇ ਬਲਾਕ/ਸਰਕਲ ਪੱਧਰ ਤੇ ਤੈਨਾਤ ਖੇਤੀ ਮਾਹਿਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਇਸ ਸਾਲ ਨਰਮੇ ਅਤੇ ਪਕਾਵੀਂ ਮੱਕੀ ਦਾ ਰਕਬਾ ਵਧਾਇਆ ਜਾਵੇਗਾ। ਕਿਸਾਨ 15 ਮਈ ਤੋਂ 31 ਮਈ ਤੱਕ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ, ਜਿਸ ਨਾਲ ਜਿੱਥੇ 15 ਤੋਂ 20 ਫੀਸਦੀ ਪਾਣੀ ਦੀ ਬੱਚਤ ਦੇ ਨਾਲ ਨਾਲ ਖੇਤੀ ਖਰਚਿਆਂ ਨੂੰ ਘਟਾਇਆ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਸਾਲਾਂ ਦੀ ਤਰ੍ਹਾਂ ਪ੍ਰੋਤਸਾਹਨ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ।
ਡਾ.ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ (ਕਾਟਨ) ਨੇ ਕਿਹਾ ਕਿ ਕਿਸਾਨ ਨਰਮੇ ਦੀ ਛਿਟੀਆਂ ਖਤਮ ਕਰਨ ਅਤੇ ਆਪਣੇ ਖੇਤਾਂ ਦੁਆਲੇ ਨਦੀਨਾਂ ਨੂੰ ਨਸ਼ਟ ਕਰਨ। ਕੈਂਪ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਖੇਤੀ ਮਾਹਿਰਾਂ ਵੱਲੋਂ ਵੱਖ ਵੱਖ ਵਿਸ਼ਿਆਂ ਤੇ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਗਈ, ਜਿਸ ਤਹਿਤ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਗਈ।
ਡਾ.ਗੁਰਮੇਲ ਸਿੰਘ ਡਿਪਟੀ ਡਾਇਰੈਕਟਰ ਟ੍ਰੇਨਿੰਗ ਕੇ.ਵੀ.ਕੇ ਫਿਰੋਜਪੁਰ ਵੱਲੋਂ ਸਾਉਣੀ ਦੀਆਂ ਫਸਲਾਂ ਵਿੱਚ ਕੀਟ ਅਤੇ ਬਿਮਾਰੀਆਂ ਦੇ ਪ੍ਰਬੰਧਨ ਬਾਰੇ, ਡਾ.ਵਿਵੇਕ ਕੁਮਾਰ ਸਹਾਇਕ ਪ੍ਰੋਫੈਸਰ ਫਸਲ ਵਿਗਿਆਨ ਵੱਲੋਂ ਸਾਉਣੀ ਦੀਆਂ ਫਸਲਾਂ ਦੇ ਉੱਨਤ ਕਾਸ਼ਤਕਾਰ ਢੰਗਾਂ ਬਾਰੇ, ਡਾ.ਵਿਵੇਕ ਸ਼ਰਮਾ ਸਹਾਇਕ ਪ੍ਰੋਫੈਸਰ ਪਸ਼ ਧੰਨ ਦੀ ਸਾਂਭ ਸੰਭਾਲ ਅਤੇ ਮਹੱਤਤਾ ਸਬੰਧੀ ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫੈਸਰ ਫਲ ਵਿਗਿਆਨ ਵੱਲੋਂ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਸਬੰਧੀ ਅਤੇ ਡਾ.ਮਨਜੀਤ ਕੌਰ ਸਹਾਇਕ ਪ੍ਰੋਫੈਸਰ ਭੂਮੀ ਵਿਗਿਆਨ ਵੱਲੋਂ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਸਬੰਧੀ ਅਤੇ ਡਾ: ਜਗੀਦਪ ਸਿੰਘ ਐਚ.ਡੀ.ਓ ਵੱਲੋ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਸਬੰਧੀ ਅਤੇ ਜੰਗਾਲਤ ਵਿਭਾਗ ਦੇ ਆਏ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਵਿਭਾਗ ਅੰਦਰ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ।
ਇਸ ਮੌਕੇ ਇੰਜ: ਕੁਲਦੀਪ ਸਿੰਘ ਵੱਲੋਂ ਖੇਤੀ ਮਸ਼ੀਨਰੀ ਦੀਆਂ ਅਰਜ਼ੀਆਂ ਅਪਲਾਈ ਕਰਨ ਸਮੇਂ ਕਿਸਾਨਾਂ ਵੱਲੋਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਇਸੇ ਤਰ੍ਹਾਂ ਹੀ ਤਾਂ ਮਨਮੀਤ ਕੌਰ ਏ.ਡੀ.ਓ. ਵੱਲੋ ਕਿਸਾਨਾਂ ਨੂੰ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਕੈਂਪ ਦਾ ਸਮੁੱਚਾ ਪ੍ਰਬੰਧਨ ਆਤਮਾ ਸਕੀਮ ਅਧੀਨ ਕੀਤਾ ਗਿਆ ਜਿਸ ਦੀ ਅਗਵਾਈ ਡਾ: ਕਰਨਜੀਤ ਸਿੰਘ ਪ੍ਰਾਜੈਕਟ ਡਾਇਰੈਕਟਰ(ਆਤਮਾ) ਵੱਲੋਂ ਕੀਤੀ ਗਈ।
ਇਸ ਮੌਕੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਨੁਮਾਇੰਸ਼ਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਨੁਮਾਇਸ਼ਾਂ ਦਾ ਮੁੱਖ ਮਹਿਮਾਨਾਂ ਅਤੇ ਉੱਚ ਅਧਿਕਾਰੀਆਂ ਵੱਲੋਂ ਜਾਇਜ਼ਾ ਲਿਆ ਗਿਆ ਅਤੇ ਇਨ੍ਹਾਂ ਦੀ ਪ੍ਰਸ਼ੰਸ ਵੀ ਕੀਤੀ ਗਈ ਅਤੇ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੀਆਂ ਸਮਸਿੱਆਵਾਂ ਵੀ ਸੁਣੀਆਂ।
ਕੈਂਪ ਦੌਰਾਨ ਸਟੇਜ ਦਾ ਸੰਚਾਲਨ ਡਾ. ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੀ.ਪੀ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਾਖੂਬੀ ਨਿਭਾਇਆ ਗਿਆ। ਸਮੁੱਚੇ ਖੇਤੀ ਸਟਾਫ ਦੇ ਯਤਨਾਂ ਸਦਕਾ ਇਹ ਮੇਲਾ ਤਕਨੀਕੀ ਗਿਆਨ ਵੰਡਦਾ ਹੋਇਆ ਤਸੱਲੀਬਖਸ਼ ਨੇਪਰੇ ਚੜਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਬਲਜੀਤ ਕੌਰ ਉਪ ਮੰਡਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ, ਡਾ. ਗੁਰਦਿੱਤ ਸਿੰਘ, ਸ. ਮਨਜਿੰਦਰ ਸਿੰਘ ਕਾਕਾ ਉੜਾਂਗ, ਏਡੀਓ ਜੋਬਨਦੀਪ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।