Arth Parkash : Latest Hindi News, News in Hindi
ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਦੇ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗੀ ਕਾਰਜਪ੍ਰਣਾਲੀ ਦੀ ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਦੇ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗੀ ਕਾਰਜਪ੍ਰਣਾਲੀ ਦੀ ਲੜੀਵਾਰ ਸਮੀਖਿਆ ਕੀਤੀ
Friday, 11 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਦੇ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗੀ ਕਾਰਜਪ੍ਰਣਾਲੀ ਦੀ ਲੜੀਵਾਰ ਸਮੀਖਿਆ ਕੀਤੀ

 

ਚੰਡੀਗੜ੍ਹ, 12 ਅਪ੍ਰੈਲ:

 

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਲਈ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਕੰਮਾਂ ਦੀ ਲੜੀਵਾਰ ਸਮੀਖਿਆ ਕੀਤੀ। ਇਸ ਉੱਚ ਪੱਧਰੀ ਮੀਟਿੰਗ ਵਿੱਚ ਸਕੱਤਰ ਲੋਕ ਨਿਰਮਾਣ ਸ੍ਰੀ ਰਵੀ ਭਗਤ ਦੇ ਨਾਲ-ਨਾਲ ਮੁੱਖ ਇੰਜੀਨੀਅਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

 

ਸਮੀਖਿਆ ਮੀਟਿੰਗ ਦੌਰਾਨ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਦੇ ਸਾਰੇ ਖੇਤਰਾਂ ਲਈ ਕੰਮਾਂ ਦੀ ਲੋੜ ਅਨੁਸਾਰ ਫੰਡਾ ਦੀ ਸਹੀ ਵੰਡ 'ਤੇ ਜ਼ੋਰ ਦਿੱਤਾ ਤਾਂ ਜੋ ਸੂਬੇ ਭਰ ਵਿੱਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਥਾਨਕ ਵਿਧਾਇਕਾਂ ਤੋਂ ਪ੍ਰਾਪਤ ਜਾਣਕਾਰੀ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਰਾਹੀਂ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਪਛਾਣੇ ਗਏ ਤਰਜੀਹੀ ਕੰਮਾਂ ਨੂੰ ਸਾਲਾਨਾ ਯੋਜਨਾਬੰਦੀ ਵਿੱਚ ਵਿਚਾਰਿਆ ਜਾ ਸਕੇ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਸਾਡੀ ਸਰਕਾਰ ਦੀਆਂ ਤਰਜੀਹਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਨੁਮਾਇੰਦਿਆਂ ਨੂੰ ਉਨ੍ਹਾਂ ਦੇ ਹਲਕਿਆਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਕੰਮਾਂ ਦੀ ਗੁਣਵੱਤਾ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਕੋਨੇ-ਕੋਨੇ ਤੱਕ ਇਕਸਾਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

 

ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਰੂਰੀ ਪ੍ਰਵਾਨਗੀਆਂ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਦਿਆਂ ਸਾਰੇ ਪ੍ਰਵਾਨਿਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਜਨਤਕ ਪ੍ਰੋਜੈਕਟਾਂ ਵਿੱਚ ਘਟੀਆ ਗੁਣਵੱਤਾ ਵਾਲੇ ਕੰਮਾਂ ਅਤੇ ਭ੍ਰਿਸ਼ਟਾਚਾਰ ਪ੍ਰਤੀ ਸੂਬਾ ਸਰਕਾਰ ਦੇ ਜ਼ੀਰੋ ਸਹਿਣਸ਼ੀਲਤਾ ਨੂੰ ਦੁਹਰਾਇਆ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਕੰਮਾਂ ਦੀ ਗੁਣਵੱਤਾ ਅਤੇ ਹੰਢਣਸਾਰਤਾ ਨੂੰ ਯਕੀਨੀ ਬਣਾਉਂਦਿਆਂ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਚਨਬੱਧ ਹਾਂ।

 

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਕੰਮ ਦੇ ਮਿਆਰ ਜਾਂ ਸਮੱਗਰੀ ਨਾਲ ਬਿਲਕੁਲ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਭ੍ਰਿਸ਼ਟ ਕਾਰਵਾਈ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਸਾਡੀ ਸਰਕਾਰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ।