Arth Parkash : Latest Hindi News, News in Hindi
ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਅਤੇ ਅੰਮ੍ਰਿਤਸਰ ‘ਚ 'ਨਾਈਟ ਡੋਮੀਨੇਸ਼ਨ' ਆਪ੍ਰੇਸ਼ਨ ਦੀ ਅਗਵਾਈ, ਨਾਕਿਆਂ ਅਤੇ ਪੁਲਿਸ ਥ ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਅਤੇ ਅੰਮ੍ਰਿਤਸਰ ‘ਚ 'ਨਾਈਟ ਡੋਮੀਨੇਸ਼ਨ' ਆਪ੍ਰੇਸ਼ਨ ਦੀ ਅਗਵਾਈ, ਨਾਕਿਆਂ ਅਤੇ ਪੁਲਿਸ ਥਾਣਿਆਂ ਦਾ ਕੀਤਾ ਨਿਰੀਖਣ
Friday, 11 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਅਤੇ ਅੰਮ੍ਰਿਤਸਰ ‘ਚ 'ਨਾਈਟ ਡੋਮੀਨੇਸ਼ਨ' ਆਪ੍ਰੇਸ਼ਨ ਦੀ ਅਗਵਾਈ, ਨਾਕਿਆਂ ਅਤੇ ਪੁਲਿਸ ਥਾਣਿਆਂ ਦਾ ਕੀਤਾ ਨਿਰੀਖਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਪਰਾਧ 'ਤੇ ਸ਼ਿਕੰਜਾ ਕੱਸਣ ਲਈ ਪੰਜਾਬ ਪੁਲਿਸ ਨੇ ਯਤਨ ਤੇਜ਼ ਕੀਤੇ

‘ਯੁੱਧ ਨਸ਼ੀਆਂ ਵਿਰੁੱਧ’ ਮੁਹਿੰਮ ਸਦਕਾ ਸੂਬੇ ਭਰ ਵਿੱਚ ਨਸ਼ਿਆਂ ਦੀ ਉਪਲਬਧਤਾ ਕਾਫ਼ੀ ਹੱਦ ਤੱਕ ਘਟੀ, ਡੀਜੀਪੀ ਗੌਰਵ ਯਾਦਵ

ਨਾਈਟ ਡੌਮੀਨੇਸ਼ਨ ਆਪਰੇਸ਼ਨਾਂ ਦੀ ਨਿਗਰਾਨੀ ਲਈ ਚੰਡੀਗੜ੍ਹ ਤੋਂ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਸੂਬੇ ਭਰ ’ਚ ਕੀਤਾ ਗਿਆ ਤਾਇਨਾਤ

ਡੀਜੀਪੀ ਵੱਲੋਂ ਵਿਸ਼ੇਸ਼ ਚੌਕੀਆਂ ਦੀ ਚੈਕਿੰਗ, ਪੁਲਿਸ ਦੀ ਕਾਰਗੁਜ਼ਾਰੀ ਦੇ ਮੁਲਾਂਕਣ ਲਈ ਅਧਿਕਾਰੀਆਂ ਅਤੇ ਨਾਗਰਿਕਾਂ ਨਾਲ ਕੀਤੀ ਗੱਲਬਾਤ

ਪੁਲਿਸ ਪੁਲਿਸ ਦੀ ਸਰਗਰਮੀ ਨਾਲ ਲੋਕ ਸੁਰੱਖਿਅਤ ਮਹਿਸੂਸ ਕਰ ਰਹੇ ਹਨ: ਡੀਜੀਪੀ ਗੌਰਵ ਯਾਦਵ

ਪੁਲਿਸ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਦਾ ਪ੍ਰਣ ਲਿਆ

ਚੰਡੀਗੜ੍ਹ, 12 ਅਪ੍ਰੈਲ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਸਾਖੀ ਦੇ ਤਿਉਹਾਰ ਦੇ ਮੱਦੇਨਜ਼ਰ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਸਖ਼ਤੀ ਨਾਲ ਕਾਨੂੰਨ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਰਾਜ ਵਿਆਪੀ 'ਨਾਈਟ ਡੋਮੀਨੇਸ਼ਨ' ਆਪ੍ਰੇਸ਼ਨ ਦੇ ਹਿੱਸੇ ਵਜੋਂ ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ। ਦੇਰ ਰਾਤ ਕੀਤੀ ਗਈ ਇਸ ਚੈਕਿੰਗ ਦਾ ਉਦੇਸ਼ ਪੁਲਿਸ ਦੀ ਤਿਆਰੀ ਦਾ ਮੁਲਾਂਕਣ ਕਰਨਾ, ਅਪਰਾਧ ਵਿਰੋਧੀ ਪ੍ਰਣਾਲੀਆਂ ਨੂੰ ਮਜ਼ਬੂਤ ਕਰਨਾ ਅਤੇ ਪੁਲਿਸ-ਜਨਤਕ ਸਬੰਧਾਂ ਨੂੰ ਮਜ਼ਬੂਤ ਕਰਨਾ ਸੀ।


ਇਹ ਕਾਰਵਾਈ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰਾਤ 10 ਵਜੇ ਤੋਂ ਸਵੇਰੇ 4 ਵਜੇ ਤੱਕ ਇੱਕੋ ਸਮੇਂ ਚਲਾਈ ਗਈ ਅਤੇ ਪੰਜਾਬ ਪੁਲਿਸ ਹੈਡਕੁਆਟਰ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਾਈਟ ਡੌਮੀਨੇਸ਼ਨ ਆਪਰੇਸ਼ਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਇਸ ਤਰ੍ਹਾਂ ਸੀਪੀਜ਼/ਐਸਐਸਪੀਜ਼ ਨੂੰ ਵੱਖ-ਵੱਖ ਨਾਕਿਆਂ 'ਤੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ, ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ 'ਤੇ ਚੈਕਿੰਗ, ਰਣਨੀਤਕ ਸਥਾਨਾਂ 'ਤੇ ਤਾਇਨਾਤ ਗਸ਼ਤ ਟੀਮਾਂ ‘ਤੇ ਨਜ਼ਰ ਰੱਖਣ ਆਦਿ ਦੇ ਉਦੇਸ਼ ਨਾਲ ਕੀਤੀ ਗਈ ਇਸ ਕਾਰਵਾਈ ਨੂੰ ਅੰਜਾਮ ਦੇਣ ਲਈ ਵੱਧ ਤੋਂ ਵੱਧ ਫੋਰਸ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।

ਆਪਣੇ ਦੌਰੇ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਵਿਸ਼ੇਸ਼ ਚੌਕੀਆਂ ਦਾ ਨਿਰੀਖਣ ਕੀਤਾ, ਨਾਕਾਬੰਦੀ ਆਪਰੇਸ਼ਨਾਂ ਦੀ ਸਮੀਖਿਆ ਕੀਤੀ ਅਤੇ ਜ਼ਮੀਨੀ ਪੁਲਿਸਿੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਸਟੇਸ਼ਨਾਂ ਦਾ ਦੌਰਾ ਕੀਤਾ।

ਜਲੰਧਰ ਵਿੱਚ ਉਨ੍ਹਾਂ ਨੇ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀਆਈਐਮਐਸ) ਦੇ ਨੇੜਿਓਂ ਆਪਣੀ ਨਿਰੀਖਣ ਕਾਰਵਾਈ ਸ਼ੁਰੂ ਕਰਦਿਆਂ ਵਾਹਨਾਂ ਦੀ ਜਾਂਚ ਸਬੰਧੀ ਪ੍ਰਕਿਰਿਆਵਾਂ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਅਧਿਕਾਰੀਆਂ ਅਤੇ ਨਾਗਰਿਕਾਂ ਨਾਲ ਗੱਲਬਾਤ ਕੀਤੀ। ਆਪਰੇਸ਼ਨਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਲਈ ਉਨ੍ਹਾਂ ਨੇ ਅਰਬਨ ਅਸਟੇਟ ਵਿਖੇ ਪੁਲਿਸ ਡਿਵੀਜ਼ਨ ਨੰਬਰ 7 ਅਤੇ ਜਲੰਧਰ ਛਾਉਣੀ ਵਿੱਚ ਦੁਸਹਿਰਾ ਗਰਾਊਂਡ ਨੇੜੇ ਚੌਕੀ ਦਾ ਵੀ ਦੌਰਾ ਕੀਤਾ।

ਪੁਲਿਸ ਕਮਿਸ਼ਨਰ, ਜਲੰਧਰ ਧਨਪ੍ਰੀਤ ਕੌਰ ਦੇ ਨਾਲ ਡੀਜੀਪੀ ਨੇ ਲੋਕਾਂ ਤੋਂ ਖੁਦ ਫੀਡਬੈਕ ਲਿਆ ਅਤੇ ਲੋਕਾਂ ਨੇ ਪੁਲਿਸ ਦੀ ਕਾਰਜਪ੍ਰਣਾਲੀ ਵਿੱਚ ਡੂੰਘਾ ਵਿਸ਼ਵਾਸ ਪ੍ਰਗਟ ਕੀਤਾ। ਉਨ੍ਹਾਂ ਕਿਹ ਕਿ ਮੈਨੂੰ ਇਹ ਦੇਖ ਕੇ ਖੁਸ਼ੀ ਹੋ ਰਹੀ ਹੈ ਕਿ ਪੁਲਿਸ ਦੀ ਕਾਰਜਕੁਸ਼ਲਤਾ ਕਰਕੇ ਨਾਗਰਿਕ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਿਆਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸਰਹੱਦੀ ਸੂਬੇ ਵਜੋਂ ਪੰਜਾਬ ਦੀ ਨਾਜ਼ੁਕ ਸਥਿਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਪਾਕਿਸਤਾਨ ਸਥਿਤ ਆਈਐਸਆਈ ਵਰਗੀਆਂ ਬਾਹਰੀ ਏਜੰਸੀਆਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਲਗਾਤਾਰ ਯਤਨ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਪਹਿਲਕਦਮੀ ਤਹਿਤ ਨਸ਼ਿਆਂ ਵਿਰੁੱਧ ਹਮਲਾਵਰ ਮੁਹਿੰਮ ਸ਼ੁਰੂ ਕੀਤੀ ਹੈ, ਉਦੋਂ ਤੋਂ ਹੀ ਸਰਹੱਦ ਪਾਰੋਂ ਨਸ਼ੇ ਦੇ ਸਿੰਡੀਕੇਟ ਸੂਬੇ ਨੂੰ ਢਾਹ ਲਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਦੁਹਰਾਇਆ ਕਿ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਾਡੀ ਹਮਲਾਵਰ ਪਹੁੰਚ ਨੇ ਨਸ਼ਿਆਂ ਦੀ ਉਪਲਬਧਤਾ ਨੂੰ ਕਾਫ਼ੀ ਘਟਾ ਦਿੱਤਾ ਹੈ ਅਤੇ ਅਸੀਂ ਇਸ ਖ਼ਤਰੇ ਦਾ ਨਾਮੋ-ਨਿਸ਼ਾਨ ਮਿਟਾ ਕੇ ਰਹਾਂਗੇ।

ਇਸ ਤੋਂ ਬਾਅਦ ਵਿੱਚ ਡੀਜੀਪੀ ਨੇ ਨਾਈਟ ਪੁਲਿਸਿੰਗ ਦੀ ਨਿਗਰਾਨੀ ਲਈ ਅੰਮ੍ਰਿਤਸਰ ਦਾ ਵੀ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਸੁਚੇਤ ਰਹਿਣ ਲਈ ਕਿਹਾ। ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਾਲ ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ।

ਨਾਈਟ ਡੌਮੀਨੇਸ਼ਨ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 221 ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 6500 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 1000 ਤੋਂ ਵੱਧ ਪੁਲਿਸ ਟੀਮਾਂ ਨੂੰ ਰਾਜ ਭਰ ਵਿੱਚ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਰਾਜ ਭਰ ਵਿੱਚ ਸੰਵੇਦਨਸ਼ੀਲ ਅਤੇ ਰਣਨੀਤਕ ਸਥਾਨਾਂ 'ਤੇ 651 ਠੋਸ ਨਾਕੇ ਲਾਏ ਗਏ ਸਨ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 48 ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 26 ਐਫਆਈਆਰਜ਼ ਦਰਜ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਵੇਰਵਿਆਂ ਦੀ ਜਾਂਚ ਵੀ ਕੀਤੀ।