Arth Parkash : Latest Hindi News, News in Hindi
ਯੁੱਧ ਨਸ਼ਿਆਂ ਵਿਰੁੱਧ ; ਸੂਬੇ 'ਚ ਮਾਡਲ ਦੇ ਤੌਰ 'ਤੇ ਉਭਰੇਗਾ ਪਿੰਡ ਸ਼ੇਖੇ ਦਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਯੁੱਧ ਨਸ਼ਿਆਂ ਵਿਰੁੱਧ ; ਸੂਬੇ 'ਚ ਮਾਡਲ ਦੇ ਤੌਰ 'ਤੇ ਉਭਰੇਗਾ ਪਿੰਡ ਸ਼ੇਖੇ ਦਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ
Tuesday, 15 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਯੁੱਧ ਨਸ਼ਿਆਂ ਵਿਰੁੱਧ ; ਸੂਬੇ 'ਚ ਮਾਡਲ ਦੇ ਤੌਰ 'ਤੇ ਉਭਰੇਗਾ ਪਿੰਡ ਸ਼ੇਖੇ ਦਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ

 

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਕੇਂਦਰ ਦਾ ਦੌਰਾ, ਮਾਡਲ ਕੇਂਦਰ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

 

ਕੇਂਦਰ ਵਿਖੇ ਫੁੱਟਬਾਲ ਮੇਕਿੰਗ ਤੇ ਕੰਪਿਊਟਰ ਦੇ ਕੋਰਸ ਸ਼ੁਰੂ

 

ਜਿੰਮ ਤੇ ਲਾਇਬ੍ਰੇਰੀ ਦੀ ਸਥਾਪਨਾ ਦੇ ਨਾਲ-ਨਾਲ ਜਲਦ ਆਰੰਭ ਹੋਣਗੀਆਂ ਕੁਕਿੰਗ ਕਲਾਸਾਂ ਤੇ ਕ੍ਰਿਕਟ ਬਾਲ ਮੇਕਿੰਗ ਕੋਰਸ

 

ਜਲੰਧਰ, 16 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸ਼ੇਖੇ ਵਿਖੇ ਚੱਲ ਰਹੇ ਮੁੜ ਵਸੇਬਾ ਕੇਂਦਰ ਨੂੰ ਪੰਜਾਬ ਪੱਧਰ ’ਤੇ ਮਾਡਲ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ।

    ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਅੱਜ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਕੇ ਇਸ ਨੂੰ ਮਾਡਲ ਕੇਂਦਰ ਵਜੋਂ ਵਿਕਸਿਤ ਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।

     ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐਮ.ਬੀ., ਐਸ.ਡੀ.ਐਮ. ਆਦਮਪੁਰ ਵਿਵੇਕ ਮੋਦੀ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਸਿਵਲ ਸਰਜਨ ਡਾ. ਗੁਰਮੀਤ ਲਾਲ ਅਤੇ ਐਨ.ਜੀ.ਓ. ਸੰਨ ਫਾਊਂਡੇਸ਼ਨ ਵੱਲੋਂ ਬਲਜੀਤ ਕੌਰ ਵੀ ਮੌਜੂਦ ਸਨ।

     ਦੌਰੇ ਦੌਰਾਨ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਕੇਂਦਰ ਵਿੱਚ ਮੌਜੂਦਾ ਸਮੇਂ ਉਪਲਬਧ ਇਲਾਜ ਸੇਵਾਵਾਂ ਅਤੇ ਹੋਰ ਸਹੂਲਤਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਕੇਂਦਰ ਦੇ ਸਟਾਫ਼ ਅਤੇ ਇਲਾਜ ਅਧੀਨ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜ਼ਰੂਰਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

    ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲੇ ਵੀ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਇਸ ਦਲਦਲ ਵਿਚੋਂ ਨਿਜ਼ਾਤ ਦਿਵਾ ਕੇ ਉਸਦੇ ਮੁੜ ਵਸੇਬੇ  ਲਈ ਜਲੰਧਰ ਦੇ ਪਿੰਡ ਸ਼ੇਖੇ ਵਿੱਚ ਚੱਲ ਰਹੇ ਮੁੜ ਵਸੇਬਾ ਕੇਂਦਰ ਨੂੰ  ਪੰਜਾਬ ਪੱਧਰ 'ਤੇ ਮਾਡਲ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿੱਚ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਲਈ ਹੋਰ ਵੀ ਬਿਹਤਰ ਸਿਹਤ ਸਹੂਲਤਾਂ, ਮਨੋਵਿਗਿਆਨਕ ਸਹਾਇਤਾ, ਹੁਨਰ ਵਿਕਾਸ ਪ੍ਰੋਗਰਾਮ ਅਤੇ ਠੀਕ ਹੋਏ ਮਰੀਜ਼ਾਂ ਦੇ ਮੁੜ ਵਸੇਬੇ ਲਈ ਨੌਕਰੀ ਦੇ ਮੌਕੇ ਅਤੇ ਉਨ੍ਹਾਂ ਨੂੰ ਹੁਨਰਮੰਦ ਬਣਾਉਣ ਲਈ ਵੱਡੇ ਪੱਧਰ ਤੇ ਇੰਤਜ਼ਾਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਇਥੇ ਕਿ ਇਲਾਜ ਅਧੀਨ ਵਿਅਕਤੀਆਂ ਲਈ ਕੰਪਿਊਟਰ ਕੋਰਸ ਅਤੇ ਫੁੱਟਬਾਲ ਬਣਾਉਣ ਦੇ ਕੋਰਸ ਸ਼ੁਰੂ ਹੋ ਚੁੱਕੇ ਹਨ ਅਤੇ ਕੁਕਿੰਗ ਕਲਾਸਾਂ, ਕ੍ਰਿਕਟ ਬਾਲ ਮੇਕਿੰਗ ਕੋਰਸ ਵੀ ਜਲਦ ਸ਼ੁਰੂ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਜਿੰਮਨੇਜ਼ੀਅਮ ਅਤੇ ਲਾਇਬ੍ਰੇਰੀ ਦੀ ਸਥਾਪਨਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ 31 ਮਈ 2025 ਤੱਕ ਮੁਕੰਮਲ ਕਰ ਲਿਆ ਜਾਵੇਗਾ।

ਡਾ. ਹਿਮਾਂਸ਼ੂ ਅਗਰਵਾਲ ਅਤੇ ਧਨਪ੍ਰੀਤ ਕੌਰ ਨੇ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਨਸ਼ਾ ਛਡ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਜਨਤਾ ਨੂੰ ਨਸ਼ਿਆਂ ਖਿਲਾਫ਼ ਲੜਾਈ ਵਿੱਚ ਸਰਗਰਮ ਭਾਗੀਦਾਰ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਵੈਟਸਐਪ ਨੰਬਰ 9779-100-200 ’ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਬਾਰੇ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਸ਼ਾ ਛੱਡਣ ਬਾਰੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਨਸ਼ਾ ਛੁਡਾਊ ਕੇਂਦਰ ਦਾ ਹੈਲਪਲਾਈਨ ਨੰਬਰ 0181-2911960 ਵੀ ਉਪਲਬੱਧ ਹੈ।

   ਇਸ ਮੌਕੇ ਡਾ. ਅਭੈਰਾਜ ਸਿੰਘ, ਐਨ.ਜੀ.ਓ ਸਨ ਫਾਊਂਡੇਸ਼ਨ ਦੇ ਨੁਮਾਇੰਦੇ ਅਤੇ ਕੇਂਦਰ ਦਾ ਸਟਾਫ਼ ਵੀ ਮੌਜੂਦ ਸੀ।