ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਸ.ਸੀ./ਐਸ.ਟੀ. ਸਕਾਲਰਸ਼ਿਪ ਕੀਤੀ ਆਸਾਨ, ਵਿਦਿਆਰਥੀ ਹੁਣ ਨਹੀਂ ਹੋ ਰਹੇ ਖੱਜਲ
- ਵਿਦਿਆਰਥੀ ਅਸਾਨੀ ਨਾਲ ਪ੍ਰਾਪਤ ਕਰ ਰਹੇ ਨੇ ਸਕਾਲਰਸ਼ਿਪ ਦੀ ਸਹੂਲਤ : ਕੈਬਨਿਟ ਮੰਤਰੀ
- ਪਹਿਲੀਆਂ ਸਰਕਾਰਾਂ ਨੇ ਐਸ.ਸੀ. ਸਕਾਲਰਸ਼ਿਪ ਦੇ ਫੰਡ ਨੂੰ ਲੁੱਟਿਆ : ਮਹਿੰਦਰ ਭਗਤ
- ਕਿਹਾ, ਪਹਿਲੀ ਵਾਰ ਏ.ਜੀ. ਦਫ਼ਤਰ 'ਚ ਐਸ.ਸੀ./ਐਸ.ਟੀ.ਭਾਈਚਾਰੇ ਦੇ ਵਕੀਲਾਂ ਨੂੰ ਨਿਯੁਕਤੀਆਂ ’ਚ ਰਾਖਵੇਂਕਰਨ ਦਾ ਮਿਲਿਆ ਲਾਭ
ਜਲੰਧਰ, 16 ਅਪ੍ਰੈਲ :
ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਪਹਿਲੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਨ੍ਹਾਂ ਸਰਕਾਰਾਂ ਵਲੋਂ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਵਿਦਿਆਰਥੀਆਂ ਦੇ ਸਕਾਲਰਸ਼ਿਪ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਲਈ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਯੋਗ ਵਿਦਿਆਰਥੀਆਂ ਲਈ ਸਕਾਲਰਸ਼ਿਪ ਦਾ ਲਾਭ ਬਿਨ੍ਹਾਂ ਕਿਸੇ ਦੇਰੀ ਦੇ ਯਕੀਨੀ ਬਣਾਇਆ ਗਿਆ ਹੈ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜੀ ਦੀ ਵਿਚਾਰਧਾਰਾ ’ਤੇ ਚਲਦਿਆਂ ਐਸ.ਸੀ./ਐਸ.ਟੀ. ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਨੂੰ ਨਿਰਵਿਘਨ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕੋਈ ਵੀ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਹੁਣ ਨਿਰਵਿਘਨ ਜਾਰੀ ਰੱਖ ਸਕਦਾ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਏ ਗਏ ਇਤਿਹਾਸਿਕ ਫ਼ੈਸਲਿਆਂ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ ਦਫਤਰ ਵਿਖੇ ਰਾਖਵੇਂਕਰਨ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਸ.ਸੀ./ਐਸ.ਟੀ.ਕੋਟੇ ਦੀਆਂ 58 ਅਸਾਮੀਆਂ ਨੂੰ ਭਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ 2017 ਵਿੱਚ ਆਮ ਆਦਮੀ ਪਾਰਟੀ ਵਲੋਂ ਇਸ ਮੁੱਦੇ ਨੂੰ ਵਾਰ-ਵਾਰ ਉਠਾਉਣ ਦੇ ਬਾਵਜੂਦ ਪਹਿਲੀਆਂ ਸਰਕਾਰਾਂ ਵਲੋਂ ਇਸ ਨੂੰ ਅਣਗੌਲਿਆਂ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 50 ਫੀਸਦੀ ਆਮਦਨ ਸ਼ਰਤਾਂ ਨੂੰ ਘਟਾਇਆ ਗਿਆ ਹੈ, ਜਿਸ ਨਾਲ ਐਸ.ਸੀ/ਐਸ.ਟੀ. ਉਮੀਦਵਾਰ ਨੂੰ ਕਾਨੂੰਨੀ ਖੇਤਰ ਵਿੱਚ ਉਚ ਅਹੁਦਿਆਂ ਜਿਨ੍ਹਾਂ ਵਿਚ ਐਡੀਸ਼ਨਲ ਐਡਵੋਕੇਟ ਜਨਰਲ, ਡਿਪਟੀ ਐਡਵੋਕੇਟ ਜਨਰਲ ਅਤੇ ਸਹਾਇਕ ਐਡਵੋਕੇਟ ਜਨਰਲ ’ਤੇ ਪਹੁੰਚਣ ਵਿੱਚ ਸਹੂਲਤ ਮਿਲੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਵਿੱਚ ਡਾ.ਅੰਬੇਡਕਰ ਜੀ ਦੇ 134ਵੇਂ ਜਨਮ ਦਿਵਸ ’ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਲਈ ਜ਼ਿਲ੍ਹਾ ਅਤੇ ਰਾਜ ਪੱਧਰੀ ’ਤੇ ਸਮਾਗਮ ਕਰਵਾਏ ਗਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਨੂੰ ਉੱਚਾ ਚੁੱਕਣ ਤੋਂ ਇਲਾਵਾ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਮਰੱਥ ਬਣਾਉਣ ਲਈ ਹਮੇਸ਼ਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਸਿਧਾਂਤ ਤੇ ਚੱਲਦਿਆਂ ਪੰਜਾਬ ਕੈਬਨਿਟ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 6 ਅਨੁਸੂਚਿਤ ਜਾਤੀ ਨਾਲ ਸਬੰਧਿਤ ਮੰਤਰੀਆਂ ਨੂੰ ਸ਼ਾਮਿਲ ਕਰਕੇ ਚੰਗੇ ਪ੍ਰਸ਼ਾਸਨ ਦਾ ਸਬੂਤ ਪੇਸ਼ ਕੀਤਾ ਗਿਆ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।