ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਣਾ ਬਣਾਇਆ ਜਾਵੇਗਾ ਯਕੀਨੀ- ਸ. ਲਾਲਜੀਤ ਸਿੰਘ ਭੁੱਲਰ
ਕੈਬਨਿਟ ਮੰਤਰੀ ਨੇ ਦਾਣਾ ਮੰਡੀ ਪੱਟੀ, ਹਰੀਕੇ, ਸਰਹਾਲੀ ਅਤੇ ਨੌਸ਼ਹਿਰਾ ਪੰਨੂਆਂ ਵਿਖੇ ਪਹੁੰਚ ਕੇ ਸ਼ੁਰੂ ਕਰਵਾਈ ਕਣਕ ਦੀ ਰਸਮੀਂ ਖਰੀਦ
ਤਰਨ ਤਾਰਨ, 18 ਅਪ੍ਰੈਲ:
ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦਾਣਾ ਮੰਡੀ ਪੱਟੀ, ਹਰੀਕੇ, ਸਰਹਾਲੀ ਅਤੇ ਨੌਸ਼ਹਿਰਾ ਪੰਨੂਆਂ ਵਿਖੇ ਪਹੁੰਚ ਕੇ ਕਣਕ ਦੀ ਰਸਮੀਂ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਸ੍ਰ. ਦਿਲਬਾਗ਼ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਪੱਟੀ ਸੀ੍ ਗੁਰਪ੍ਰਿੰਦਰ ਸਿੰਘ ਉੱਪਲ, ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂਆ ਸੀ੍ ਹਰਜੀਤ ਸਿੰਘ ਸੰਧੂ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਹਰਜੋਤ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲ ਦੀ ਬੰਪਰ ਪੈਦਾਵਾਰ ਨੂੰ ਦੇਖਦਿਆਂ ਕਣਕ ਦੀ ਖ਼ਰੀਦ ਪ੍ਰਕਿਿਰਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ 59 ਖਰੀਦ ਕੇਂਦਰ ਬਣਾਏ ਗਏ ਹਨ ਅਤੇ 40 ਆਰਜ਼ੀ ਮੰਡੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਬਾਰਦਾਨੇ ਦੀ ਵੀ ਕੋਈ ਕਮੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਕਿਸਾਨਾਂ ਨੂੰ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਖਰੀਦ ਹੋਣ ਦੇ 24 ਘੰਟਿਆਂ ’ਚ ਕੀਤੀ ਜਾ ਰਹੀ ਹੈ, ਉੱਥੇ ਮੰਡੀਆਂ ਵਿੱਚੋਂ ਖਰੀਦੀ ਕਣਕ ਦੀ ਲਿਫ਼ਟਿੰਗ ਨਾਲੋਂ-ਨਾਲ ਕਰਵਾਉਣ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਹਦਾਇਤ ਕੀਤੀ ਗਈ ਹੈ।
ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵਲੋਂ ਮੰਡੀਆਂ ਵਿੱਚ ਕੀਤੇ ਜਾਣ ਵਾਲੇ ਸਾਰੇ ਲੋੜੀਂਦੇ ਪ੍ਰਬੰਧਾਂ ਜਿਵੇਂ ਕਿ ਪੀਣ ਯੋਗ ਪਾਣੀ, ਸੈਨੀਟੇਸ਼ਨ, ਛਾਂ, ਤਰਪਾਲਾਂ, ਲੋੜੀਂਦੀ ਮਾਤਰਾ ਵਿੱਚ ਬਾਰਦਾਨੇ ਦੀ ਉਪਲਬੱਧਤਾ ਆਦਿ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਹਨਾਂ ਕਿਹਾ ਕਿ ਕਿ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਣਕ ਦੀ ਖਰੀਦ ਪ੍ਰਕਿਿਰਆ ਨਾਲ ਸਬੰਧਿਤ ਸਮੂਹ ਅਧਿਕਾਰੀਆਂ ਨੂੰ ਸਖਤ ਹਦਾੲਤਾਂ ਕੀਤੀਆਂ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਨੇਪਰੇ ਚਾੜ੍ਹਨ ਲਈ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਕਿਸਾਨਾਂ ਜਾਂ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਾ ਆਵੇ।