50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੇਂਡੂ ਵਿਕਾਸ ਵਿਭਾਗ ਦੇ ਟੈਕਸ ਕੁਲੈਕਟਰ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਰਿਸ਼
ਵਿਜੀਲੈਂਸ ਬਿਊਰੋ ਪੰਜਾਬ
50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੇਂਡੂ ਵਿਕਾਸ ਵਿਭਾਗ ਦੇ ਟੈਕਸ ਕੁਲੈਕਟਰ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਕੇਸ ਦਰਜ
ਮੁਲਜ਼ਮ ਨੇ ਬਿੱਲਾਂ ਦੇ ਨਿਪਟਾਰੇ ਬਦਲੇ 1,20,000 ਰੁਪਏ ਰਿਸ਼ਵਤ ਦੀ ਕੀਤੀ ਸੀ ਮੰਗ
ਚੰਡੀਗੜ੍ਹ, 30 ਅਗਸਤ, 2024:
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਖੂਹੀਆਂ ਸਰਵਰ ਵਿਖੇ ਤਾਇਨਾਤ ਟੈਕਸ ਕੁਲੈਕਟਰ ਗੁਲਜੀਤ ਸਿੰਘ ਵਿਰੁੱਧ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਟੈਕਸ ਕੁਲੈਕਟਰ ਵਿਰੁੱਧ ਇਹ ਕੇਸ ਸੁਨੀਲ ਕੁਮਾਰ ਵਾਸੀ ਪਿੰਡ ਦੀਵਾਨ ਖੇੜਾ, ਤਹਿਸੀਲ ਅਬੋਹਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਸ਼ਿਕਾਇਤਕਰਤਾ ਕਸਬਾ ਖੂਹੀਆਂ ਸਰਵਰ ਵਿਖੇ ਉਸਾਰੀ ਸਮੱਗਰੀ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸ ਨੇ ਵੱਖ-ਵੱਖ ਮੌਕਿਆਂ 'ਤੇ ਛੇ ਪਿੰਡਾਂ ਦੀਆਂ ਪੰਚਾਇਤਾਂ ਨੂੰ 8,62,989 ਰੁਪਏ ਦੀ ਉਸਾਰੀ ਸਮੱਗਰੀ ਮੁਹੱਈਆ ਕਰਵਾਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਬਕਾਇਆ ਬਿੱਲਾਂ ਦੇ ਨਿਪਟਾਰੇ ਲਈ ਉਕਤ ਟੈਕਸ ਕੁਲੈਕਟਰ ਨੇ ਸ਼ਿਕਾਇਤਕਰਤਾ ਤੋਂ 1,20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਸਬੰਧ ਵਿੱਚ ਟੈਕਸ ਕੁਲੈਕਟਰ 50,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਇਸ ਉਪਰੰਤ ਇਸ ਤਫਤੀਸ਼ੀ ਰਿਪੋਰਟ ਦੇ ਆਧਾਰ 'ਤੇ ਇਹ ਸਾਬਤ ਹੋਇਆ ਕਿ ਉਕਤ ਮੁਲਜ਼ਮ ਕਰਮਚਾਰੀ ਨੇ ਉਕਤ ਬਕਾਇਆ ਬਿੱਲਾਂ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਲਈ ਸੀ। ਇਸ ਸਬੰਧੀ ਟੈਕਸ ਕੁਲੈਕਟਰ ਗੁਲਜੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।