ਕਣਕ ਦੀ ਖ਼ਰੀਦ ਲਈ ਮੰਡੀਆਂ ਵਿੱਚ ਪ੍ਰਬੰਧ ਮੁਕਮੰਲ: ਡਿਪਟੀ ਕਮਿਸ਼ਨਰ
ਕਣਕ ਦੀ ਖ਼ਰੀਦ ਲਈ ਮੰਡੀਆਂ ਵਿੱਚ ਪ੍ਰਬੰਧ ਮੁਕਮੰਲ: ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਪੰਜ ਮਾਰਕੀਟ ਕਮੇਟੀਆਂ ਹੇਠ ਆਉਂਦੇ 95 ਖ਼ਰੀਦ ਕੇਂਦਰਾਂ ਵਿੱਚ ਹੋਵੇਗੀ ਖਰੀਦ
ਬਰਨਾਲਾ, 5 ਅਪ੍ਰੈਲ
ਕਣਕ ਦੀ ਖਰੀਦ ਲਈ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ ਬਰਨਾਲਾ, ਧਨੌਲਾ, ਤਪਾ, ਭਦੌੜ ਅਤੇ ਮਹਿਲ ਕਲਾਂ ਵਿਖੇ ਸਥਾਪਤ 95 ਖ਼ਰੀਦ ਕੇਂਦਰਾਂ 'ਚ ਕਣਕ ਦੀ ਆਮਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹਾ ਮੰਡੀ ਦਫਤਰ ਅਤੇ ਮਾਰਕਿਟ ਕਮੇਟੀਆਂ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਪ੍ਰਬੰਧ ਵੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ 4.75 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਦਰਜ ਕੀਤੀ ਗਈ ਸੀ ਅਤੇ ਇਸ ਵਾਰ ਇਸ ਤੋਂ ਵੱਧ ਝਾੜ ਦੀ ਉਮੀਦ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਨੋਟੀਫਾਈ ਕੀਤੀਆਂ ਮੰਡੀਆਂ ਵਿੱਚ ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ 48 ਘੰਟਿਆਂ ਦੇ ਅੰਤਰਾਲ ਵਿੱਚ ਹੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵਲੋਂ ਜ਼ਿਲ੍ਹੇ ਦੀ ਹਰ ਇੱਕ ਮੰਡੀ ਵਿੱਚ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਮੰਡੀ ਵਿਚੋਂ ਚੁੱਕ ਕੇ ਭੰਡਾਰ ਕਰਨ ਵਾਲੀ ਥਾਂ ਉਤੇ ਸਟੋਰ ਕਰਨ ਲਈ ਲੇਬਰ, ਲੇਬਰ-ਕਾਰਟੇਜ ਅਤੇ ਟਰਾਂਸਪੋਰਟੇਸ਼ਨ ਦੇ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇ।
ਜ਼ਿਲ੍ਹਾ ਮੰਡੀ ਅਫਸਰ ਸ਼੍ਰੀ ਬੀਰਇੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਚੰਗੀ ਤਰ੍ਹਾਂ ਸੁਕਾ ਕੇ ਮੰਡੀ ਵਿੱਚ ਲਿਆਉਣ।