Chief Minister Meeting
ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਰੋਕਣ ਲਈ ਫਰਾਖਦਿਲੀ ਨਾਲ ਫੰਡ ਅਲਾਟ ਕਰਨ ਲਈ ਕੇਂਦਰ ਸਰਕਾਰ ਦਾ ਸਹਿਯੋਗ ਮੰਗਿਆ
ਸਰਹੱਦ ਪਾਰ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ ‘ਤੇ ਜੋਰ
ਪੰਜਾਬ ਕੇਡਰ ਦੇ ਅਧਿਕਾਰੀ ਦੀ ਐਸ.ਐਸ.ਪੀ. ਚੰਡੀਗੜ੍ਹ ਵਜੋਂ ਨਿਯੁਕਤੀ ਦਾ ਮੁੱਦਾ ਚੁੱਕਿਆ
ਕੇਂਦਰੀ ਗ੍ਰਹਿ ਮੰਤਰੀ ਕੋਲ ਆਰ.ਡੀ.ਐਫ. ਦੇ ਬਕਾਏ ਦਾ ਮੁੱਦਾ ਉਠਾਇਆ
ਨਵੀਂ ਦਿੱਲੀ/ਚੰਡੀਗੜ੍ਹ, 2 ਮਾਰਚ: Chief Minister Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਫਰਾਖਦਿਲੀ ਨਾਲ ਫੰਡ ਅਲਾਟ ਕਰਨ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਅੱਜ ਅਮਿਤ ਸਾਹ ਨਾਲ ਉਨ੍ਹਾਂ ਦੇ ਦਫਤਰ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਬਾਰੇ ਜਾਣੂ ਕਰਵਾਇਆ। ਇਸ ‘ਤੇ ਚਿੰਤਾ ਜਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੂੰ ਸਖਤੀ ਨਾਲ ਰੋਕਣ ਦੀ ਲੋੜ ਹੈ ਜਿਸ ਲਈ ਕੇਂਦਰ ਸਰਕਾਰ ਦਾ ਸਹਿਯੋਗ ਜਰੂਰੀ ਹੈ। ਭਗਵੰਤ ਮਾਨ ਨੇ ਇਸ ਚੁਣੌਤੀ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਅਮਿਤ ਸਾਹ ਨੂੰ ਨਵੀਆਂ ਚੁਣੌਤੀਆਂ ਦਾ ਪ੍ਰਭਾਵਸਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾ ਪੁਲਿਸ ਫੋਰਸ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹੇ ਦਿਲ ਨਾਲ ਫੰਡ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ ਰੋਕਣ ਲਈ ਪੁਲਿਸ ਫੋਰਸ ਨੂੰ ਅਤਿ ਆਧੁਨਿਕ ਯੰਤਰ ਅਤੇ ਹਥਿਆਰ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਇਹ ਸਭ ਤੋਂ ਜਰੂਰੀ ਹੈ।
ਅਮਿਤ ਸਾਹ ਨਾਲ 40 ਮਿੰਟ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਰਹੱਦ ਪਾਰੋਂ ਆਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ ‘ਤੇ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ ਦੇ ਵਡੇਰੇ ਹਿੱਤ ਵਿੱਚ ਸਰਹੱਦ ‘ਤੇ ਸੁਰੱਖਿਆ ਨੂੰ ਮਜਬੂਤ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਡਰੱਗ ਮਾਫੀਆ ਦੀ ਸਰਪ੍ਰਸਤੀ ਕਰ ਰਿਹਾ ਹੈ, ਜੋ ਦੇਸ ਦੀ ਏਕਤਾ ਅਤੇ ਅਖੰਡਤਾ ਲਈ ਬਹੁਤ ਘਾਤਕ ਸਾਬਤ ਹੋ ਸਕਦਾ ਹੈ।
ਮੁੱਖ ਮੰਤਰੀ ਨੇ ਅਮਿਤ ਸਾਹ ਨਾਲ ਪੰਜਾਬ ਵੱਲੋਂ ਫੜੇ ਗਏ ਗੈਂਗਸਟਰਾਂ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਗੈਂਗਸਟਰਾਂ ਵਿਰੁੱਧ ਕੋਈ ਲਿਹਾਜ ਨਾ ਵਰਤਣ ਦੀ ਨੀਤੀ ਉੱਤੇ ਚੱਲ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਕੀਮਤ ‘ਤੇ ਸੂਬੇ ਵਿਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਪਾਬੰਦ ਹੈ।
ਮੁੱਖ ਮੰਤਰੀ ਨੇ ਕੰਡਿਆਲੀ ਤਾਰ ਤੋਂ ਪਾਰ ਜਾਣ ਵਾਲੇ ਕਿਸਾਨਾਂ ਨੂੰ ਦਰਪੇਸ ਮੁਸਕਲਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਕਾਡਰ ਦੇ ਅਧਿਕਾਰੀ ਨੂੰ ਚੰਡੀਗੜ੍ਹ ਵਿੱਚ ਐਸ.ਐਸ.ਪੀ. ਨਿਯੁਕਤ ਕਰਨ ਦੀ ਵੀ ਅਪੀਲ ਕੀਤੀ, ਜੋ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ। ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ ਬਕਾਏ ਤੁਰੰਤ ਜਾਰੀ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਮੰਗ ਕੀਤੀ।
ਮੁੱਖ ਮੰਤਰੀ ਦੇ ਨਾਲ ਡੀ.ਜੀ.ਪੀ. ਗੌਰਵ ਯਾਦਵ ਅਤੇ ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਰਵੀ ਭਗਤ ਵੀ ਮੌਜੂਦ ਸਨ।
ਇਸ ਨੂੰ ਪੜ੍ਹੋ: