ਮੁੱਖ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਵਿੱਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਵਿੱਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ
* ਸੂਬਾ ਸਰਕਾਰ ਜਲਦੀ ਸੂਬੇ ਭਰ ਦੇ ਪਿੰਡਾਂ ’ਚ ਕੈਂਸਰ ਮਰੀਜ਼ਾਂ ਦੀ ਜਾਂਚ ਕਰਨ ਲਈ ਮੋਬਾਈਲ ਵੈਨਾਂ ਚਲਾਏਗੀ: ਮੁੱਖ ਮੰਤਰੀ
* ‘ ਹੈਲਥ ਚੈਕ ਆਨ ਵੀਲ੍ਹਜ਼’ ਸਕੀਮ ਸਿਹਤਮੰਦ ਅਤੇ ਤਰੱਕੀਯਾਫਤਾ ਪੰਜਾਬ ਲਈ ਮਦਦਗ਼ਾਰ ਸਾਬਤ ਹੋਵੇਗੀਃ ਭਗਵੰਤ ਮਾਨ
* ਪੰਜਾਬ ਵੱਲੋਂ ਕੈਂਸਰ ਦੇ ਪ੍ਰਭਾਵਸ਼ਾਲੀ ਇਲਾਜ ਅਤੇ ਜਾਗਰੂਕਤਾ ਲਈ ਟੀ.ਐਮ.ਸੀ. ਨਾਲ ਤਿੰਨ ਸਮਝੌਤੇ ਸਹੀਬੱਧ
ਨਿਊ ਚੰਡੀਗੜ੍ਹ (ਐਸ.ਏ.ਐਸ. ਨਗਰ), 6 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸੂਬੇ ਭਰ ਦੇ ਪਿੰਡਾਂ ਵਿੱਚ ਕੈਂਸਰ ਮਰੀਜ਼ਾਂ ਦੀ ਬਿਮਾਰੀ ਦੀ ਮੁੱਢਲੀ ਸਟੇਜ 'ਤੇ ਹੀ ਪਛਾਣ ਕਰਨ ਲਈ ਮੋਬਾਈਲ ਵੈਨਾਂ ਸ਼ੁਰੂ ਕਰੇਗੀ।
ਇੱਥੇ ਹੋਮੀ ਭਾਬਾ ਮੈਮੋਰੀਅਲ ਕੈਂਸਰ ਹਸਪਤਾਲ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਉਦਘਾਟਨ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਂਸਰ ਦੀ ਨਾਮੁਰਾਦ ਤੇ ਘਾਤਕ ਬਿਮਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਵਾਹਨ ਕੈਂਸਰ ਦੀ ਬਿਮਾਰੀ ਦਾ ਛੇਤੀ ਪਤਾ ਲਗਾਉਣ ਵਿੱਚ ਮਦਦਗਾਰ ਸਾਬਤ ਹੋਣਗੇ, ਜਿਸ ਨਾਲ ਸੂਬੇ ਵਿੱਚ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਲੋਕ ਇਸ ਖ਼ਤਰਨਾਕ ਬਿਮਾਰੀ ਦੀ ਜਾਂਚ ਕਰਵਾਉਣ ਵਿੱਚ ਥੋੜ੍ਹੀ ਝਿਜਕ ਤੇ ਡਰ ਮਹਿਸੂਸ ਕਰਦੇ ਹਨ, ਪਰ ਸੂਬਾ ਸਰਕਾਰ ਪੰਜਾਬ ਵਿੱਚ ਕੈਂਸਰ ਦੀ ਬਿਮਾਰੀ ਦੀ ਜਾਂਚ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਸੂਬੇ ਵਿੱਚ ਹੈਪੇਟਾਈਟਸ -ਸੀ ਦੇ ਮਰੀਜ਼ਾਂ ਦੀ ਵਧ ਰਹੀ ਗਿਣਤੀ ‘ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਵੈਨਾਂ ਇਸ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ‘ਹੈਲਥ ਚੈਕ ਆਨ ਵੀਲ੍ਹਜ਼’ ਸਕੀਮ ਇੱਕ ਸਿਹਤਮੰਦ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਵਿੱਚ ਸਹਾਈ ਸਿੱਧ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਕੈਂਸਰ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੀ ਜਲਦੀ ਜਾਂਚ ਹੀ ਇੱਕ ਅਜਿਹਾ ਤਰੀਕਾ ਹੈ ਜਿਸ ਨਾਲ ਇਸ ਖ਼ਤਰਨਾਕ ਬਿਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕੰਮ ਲਈ ਇਹ ਵੈਨਾਂ ਫੈਸਲਾਕੁੰਨ ਭੂਮਿਕਾ ਅਦਾ ਕਰ ਸਕਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕੈਂਸਰ ਐਕਸਪ੍ਰੈੱਸ ਇਲਾਜ ਲਈਰੇਲ ਗੱਡੀ ਰਾਹੀਂ ਮਰੀਜ਼ ਦੂਜੇ ਰਾਜਾਂ ਨੂੰ ਜਾਂਦੇ ਸਨ ਪਰ ਹੁਣ ਕੈਂਸਰ ਇਲਾਜ ਕੇਂਦਰਾਂ ਵਿੱਚ ਵੱਡੇ ਬੁਨਿਆਦੀ ਢਾਂਚੇ ਦੀ ਆਮਦ ਦੇ ਨਾਲ ਇਹ ਰੁਝਾਨ ਬਦਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਅਜਿਹੀਆਂ ਹੋਰ ਅਤਿ ਆਧੁਨਿਕ ਮੈਡੀਕਲ ਸੁਵਿਧਾਵਾਂ ਲਿਆਂਦੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਭਰ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਜਲਦ ਹੀ ਦੇਸ਼ ਵਿੱਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਇਹ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਲੋਕਾਂ ਲਈ ਵਧੀਆ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਹੁਣ ਗਏ ਜਦੋਂ ਸੂਬੇ ਦੇ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲੈਣ ਲਈ ਯੂਕਰੇਨ ਵਰਗੇ ਦੇਸ਼ਾਂ ਵਿੱਚ ਜਾਣਾ ਪੈਂਦਾ ਸੀ ਕਿਉਂਕਿ ਪੰਜਾਬ ਜਲਦੀ ਹੀ ਉਨ੍ਹਾਂ ਨੂੰ ਸੂਬੇ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਬ੍ਰੇਨ ਡਰੇਨ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਇਸ ਨਾਲ ਸੂਬੇ ਦੇ ਉੱਚ ਪੱਧਰੀ ਡਾਕਟਰਾਂ ਦਾ ਸੂਬੇ ਵਿੱਚ ਹੀ ਕੰਮ ਕਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ, ਸਿਖਲਾਈ ਅਤੇ ਹੋਰਨਾਂ ਖੇਤਰਾਂ ਵਿੱਚ ਗੁਣਵੱਤਾ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਮੈਡੀਕਲ ਸਿੱਖਿਆ ਵਿੱਚ ਹੋਰ ਰਾਜਾਂ ਲਈ ਚਾਨਣ ਮੁਨਾਰਾ ਬਣੇਗਾ।
ਮਾਨਵਤਾ ਦੀ ਮਿਸਾਲੀ ਸੇਵਾ ਲਈ ਟਾਟਾ ਗਰੁੱਪ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਸਮਰਪਣ ਦਾ ਪ੍ਰਤੀਕ ਹੈ ਅਤੇ ਇਸੇ ਗੁਣ ਕਰਕੇ ਇਹ ਵਿਸ਼ਵ ਭਰ ਵਿੱਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਨਿਊ ਚੰਡੀਗੜ੍ਹ ਵਿਖੇ ਟਾਟਾ ਮੈਮੋਰੀਅਲ ਹਸਪਤਾਲ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ, ਜੋ ਸੂਬੇ ਲਈ ਵਰਦਾਨ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਡਾ.ਆਰ.ਏ.ਬੜਵੇ ਦੇਸ਼ ਵਿੱਚ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਅਤੇ ਮਰੀਜ਼ਾਂ ਦਾ ਇਲਾਜ ਕਰਨ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਕੈਂਸਰ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਵੱਲ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਗਰੂਰ ਦੇ ਕੈਂਸਰ ਹਸਪਤਾਲ ਲਈ 42 ਕਰੋੜ ਰੁਪਏ ਦਿੱਤੇ ਹਨ ਅਤੇ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਸ ਜਾਨਲੇਵਾ ਬਿਮਾਰੀ ਨਾਲ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਹਸਪਤਾਲ ਵਿੱਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ ਕੀਤੀ ਅਤੇ ਚੌਥੀ ਮੰਜ਼ਿਲ 'ਤੇ ਦਾਖਲ ਮਰੀਜ਼ਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਓ.ਪੀ.ਡੀ. ਕਾਰਜਸ਼ੀਲ ਕੀਤੀ ਗਈ ਸੀ ਅਤੇ 300 ਬਿਸਤਰਿਆਂ ਦੀ ਸਮਰੱਥਾ ਵਾਲੀ ਇਹ ਸੰਸਥਾ ਕੈਂਸਰ ਦੇ ਇਲਾਜ ਦੇ ਹੱਬ ਵਜੋਂ ਉੱਭਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਕੈਂਸਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਆਪਣੀ 52 ਏਕੜ ਜ਼ਮੀਨ ਹਸਪਤਾਲ ਨੂੰ ਮੁਫ਼ਤ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲ ਦੀ ਸਾਂਭ-ਸੰਭਾਲ ਲਈ ਗ੍ਰਾਂਟ ਵਿੱਚ ਸਾਲਾਨਾ 2 ਕਰੋੜ ਰੁਪਏ ਦਾ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਟਾਟਾ ਮੈਮੋਰੀਅਲ ਕੇਂਦਰ ਨਾਲ ਤਿੰਨ ਸਮਝੌਤਿਆਂ 'ਤੇ ਹਸਤਾਖਰ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਐਮਓਯੂ 'ਤੇ ਸਿਹਤ ਵਿਭਾਗ ਅਤੇ ਟਾਟਾ ਮੈਮੋਰੀਅਲ ਹਸਪਤਾਲ ਦਰਮਿਆਨ ਦਸਤਖਤ ਕੀਤੇ ਗਏ ਹਨ ਤਾਂ ਜੋ ਟੀ.ਐਮ.ਸੀ. ਦੁਆਰਾ ਸਰਕਾਰੀ ਹਸਪਤਾਲ ਦੇ ਸਟਾਫ ਨੂੰ ਸਿਖਲਾਈ ਦੇ ਕੇ ਸੂਬੇ ਭਰ ਵਿੱਚ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਸਕੇ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਰੇਡੀਓਲੋਜੀ, ਲੈਬ ਟੈਕਨਾਲੋਜੀ, ਓ.ਟੀ. ਅਤੇ ਹੋਰ ਵੱਖ-ਵੱਖ ਕੋਰਸਾਂ ਦੇ ਖੇਤਰ ਵਿੱਚ ਥੋੜ੍ਹੇ ਸਮੇਂ ਦੀ ਪ੍ਰੈਕਟੀਕਲ ਟ੍ਰੈਨਿੰਗ ਲਈ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਨਾਲ ਇੱਕ ਹੋਰ ਸਮਝੌਤਾ ਸਹੀਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੈਂਸਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੂਬੇ ਵਿੱਚ ਹੁਨਰਮੰਦ ਸਟਾਫ਼ ਦਾ ਸਮੂਹ ਬਣਾਉਣ ਵਿੱਚ ਮਦਦ ਕਰੇਗਾ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਸ ਘਾਤਕ ਬਿਮਾਰੀ ਦੀ ਰੋਕਥਾਮ ਲਈ ਲੋਕਾਂ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਪੈਦਾ ਕਰਨ ਲਈ ਸਕੂਲ ਸਿੱਖਿਆ ਵਿਭਾਗ ਨਾਲ ਇੱਕ ਹੋਰ ਸਮਝੌਤਾ ਕੀਤਾ ਗਿਆ ਹੈ।
ਆਪਣੇ ਸੰਬੋਧਨ ਵਿੱਚ ਟੀਐਮਸੀ ਮੁੰਬਈ ਦੇ ਡਾਇਰੈਕਟਰ ਡਾ. ਆਰ.ਏ. ਬੜਵੇ ਨੇ ਕੈਂਸਰ ਦਾ ਮਿਆਰੀ ਇਲਾਜ ਕਰਨ ਲਈ ਦੇਸ਼ ਭਰ ਵਿੱਚ ਕੈਂਸਰ ਦੇ ਇਲਾਜ ਦੀਆਂ ਸਾਰੀਆਂ ਸੰਸਥਾਵਾਂ ਵਿੱਚ ਇੱਕੋ ਜਿਹੀਆਂ ਸੇਵਾਵਾਂ ਦੇਣ 'ਤੇ ਜ਼ੋਰ ਦਿੱਤਾ। ਡਾਇਰੈਕਟਰ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਡਾ. ਅਸ਼ੀਸ਼ ਗੁਲੀਆ ਨੇ ਪੰਜਾਬ ਵਿੱਚ ਟੀ.ਐਮ.ਸੀ. ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਰੇਡੀਓਲੋਜੀ ਵਿਭਾਗ ਦੇ ਮੁਖੀ ਡਾ. ਰਾਹਤ ਬਰਾੜ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਅਤੇ ਧੰਨਵਾਦ ਕੀਤਾ।
ਮੁੱਖ ਮੰਤਰੀ ਨੇ ਟਾਟਾ ਮੈਮੋਰੀਅਲ ਬਾਰੇ ਇੱਕ ਕਿਤਾਬ ਵੀ ਜਾਰੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਹਰਜੋਤ ਬੈਂਸ ਤੇ ਅਨਮੋਲ ਗਗਨ ਮਾਨ ਅਤੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂੰ ਪ੍ਰਸਾਦ ਤੇ ਹੋਰ ਹਾਜ਼ਰ ਸਨ।