ਡੀ ਸੀ ਨੇ ਆਗਾਮੀ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰਾਂਸਪੋਰਟਰਾਂ ਅਤੇ ਆੜ੍ਹਤੀਆਂ ਨਾਲ ਕੀਤ
ਡੀ ਸੀ ਨੇ ਆਗਾਮੀ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰਾਂਸਪੋਰਟਰਾਂ ਅਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਡੀ ਸੀ ਨੇ ਆਗਾਮੀ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰਾਂਸਪੋਰਟਰਾਂ ਅਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ
ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੀਟਿੰਗ ਚ ਰੱਖੇ ਮੁੱਦਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ
ਬਿਹਤਰ ਤਾਲਮੇਲ ਲਈ ਖਰੀਦ ਏਜੰਸੀਆਂ ਨੂੰ ਮੰਡੀ ਪੱਧਰ ਦੀਆਂ ਮੀਟਿੰਗਾਂ ਵੀ ਕਰਨ ਆਖਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ:
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਉਣ ਵਾਲੇ ਹਾੜੀ ਦੇ ਮੰਡੀਕਰਨ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਟਰਾਂਸਪੋਰਟਰਾਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਖਰੀਦ ਏਜੰਸੀਆਂ ਵੱਲੋਂ ਮੰਡੀ ਪੱਧਰ 'ਤੇ ਵੀ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਆੜ੍ਹਤੀਆਂ ਦੇ ਸਥਾਨਕ ਪੱਧਰ 'ਤੇ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ।
ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀਆਂ ਵਿੱਚੋਂ ਕਣਕ ਦੀ ਖਰੀਦ ਤੇ ਚੁਕਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਮਿਸ਼ਨ ਏਜੰਟਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਰਦਾਨੇ ਅਤੇ ਹੋਰ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖਰੀਦ ਏਜੰਸੀ ਨੂੰ ਅਲਾਟ ਕੀਤੇ ਬਾਰਦਾਨੇ ਦਾ ਸਟਾਕ ਖਤਮ ਹੁੰਦਾ ਹੈ, ਤਾਂ ਉਹ ਏਜੰਸੀ ਖਰੀਦ ਪ੍ਰਕਿਰਿਆ ਨੂੰ ਜਾਰੀ ਰੱਖਣ ਲਈ ਕਿਸੇ ਹੋਰ ਏਜੰਸੀ ਤੋਂ ਤੁਰੰਤ ਪ੍ਰਾਪਤ ਕਰ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਲੋੜੀਂਦੀ ਥਾਂ ਅਤੇ ਖਰੀਦੀ ਕਣਕ ਲਈ ਲੋੜੀਂਦੀ ਸਟੋਰੇਜ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੋਵੇਗੀ ਤਾਂ ਜੋ ਮੰਡੀ ਵਿੱਚ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 1.37 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 15 ਖਰੀਦ ਕੇਂਦਰ (ਪੰਜ ਮੇਨ ਯਾਰਡ ਅਤੇ 10 ਸਬ ਯਾਰਡ) ਸਥਾਪਿਤ ਕੀਤੇ ਜਾਣਗੇ।
ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਵਿਚਕਾਰ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਸਾਰੀਆਂ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਥਾਨਕ ਪੱਧਰ 'ਤੇ ਕੋਈ ਵੀ ਸਮੱਸਿਆ ਖਰੀਦ ਸੀਜ਼ਨ ਵਿਚ ਰੁਕਾਵਟ ਨਾ ਪਵੇ। ਭਵਿੱਖ ਵਿੱਚ ਜੋ ਕੁਝ ਵੀ ਮੁਸ਼ਕਿਲ ਬਣ ਸਕਦਾ ਹੈ, ਉਸ ਨੂੰ ਸਮੇਂ ਸਿਰ ਹੱਲ ਕੀਤਾ ਜਾਣਾ ਚਾਹੀਦਾ ਹੈ।
ਮੀਟਿੰਗ ਵਿੱਚ ਏ ਡੀ ਸੀ (ਜ) ਗੀਤਿਕਾ ਸਿੰਘ ਅਤੇ ਡੀ ਐਫ ਐਸ ਸੀ ਨਵਰੀਤ ਤੋਂ ਇਲਾਵਾ ਡੇਰਾਬੱਸੀ, ਕੁਰਾਲੀ, ਲਾਲੜੂ ਅਤੇ ਬਨੂੜ ਤੋਂ ਆੜ੍ਹਤੀਆਂ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦੇ ਹਾਜ਼ਰ ਸਨ।