ਪੰਜਾਬ ’ਚ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਵਿਆਪਕ ਪ੍ਰਬੰਧ-ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਪੰਜਾਬ ’ਚ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਵਿਆਪਕ ਪ੍ਰਬੰਧ-ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ
ਮੋਹਾਲੀ ਦੇ ਸਰਕਾਰੀ ਕਾਲਜ ਵਿਖੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਸੂਬੇ ਦੇ ਸੀਨੀਅਰ ਅਧਿਕਾਰੀ ਜ਼ਿਲ੍ਹਿਆਂ ’ਚ ਸੁਰੱਖਿਆ ਨਿਗਰਾਨੀ ਲਈ ਲਾਏ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2025:
ਪੰਜਾਬ ਦੇ ਸਪੈਸ਼ਲ ਡੀ ਜੀ ਪੀ ਸ੍ਰੀ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਡੀ ਜੀ ਪੀ ਸ੍ਰੀ ਗੌਰਵ ਸ਼ੁਕਲਾ ਦੀ ਅਗਵਾਈ ’ਚ ਸੂਬੇ ’ਚ ਗਣਤੰਤਰ ਦਿਵਸ ਸਮਾਗਮਾਂ ਨੂੰ ਲੈ ਕੇ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਅੱਜ ਇੱਥੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿਖੇ ਐਸ ਐਸ ਪੀ ਦੀਪਕ ਪਾਰੀਕ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਸਪੈਸ਼ਲ ਡੀ ਜੀ ਪੀ ਨੇ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਆਖਿਆ ਕਿ ਇਨ੍ਹਾਂ ਵਿਆਪਕ ਸੁਰੱਖਿਆ ਇੰਤਜ਼ਾਮਾਂ ਤਹਿਤ ਗੈਰ-ਸਮਾਜੀ, ਦੇਸ਼-ਵਿਰੋਧੀ ਅਨਸਰਾਂ ਅਤੇ ਸ਼ਰਾਬ ਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਵਿਸ਼ੇਸ਼ ਨਿਗ੍ਹਾ ਰੱਖੀ ਜਾ ਰਹੀ ਹੈ।
ਉਨ੍ਹਾਂ ਆਖਿਆ ਕਿ ਸਮੁੱਚੇ ਪੰਜਾਬ ’ਚ ਗਣਤੰਤਰ ਦਿਵਸ ਮਾਗਮਾਂ ਦੇ ਮੱਦੇਨਜ਼ਰ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਚੌਕਸੀ ਅਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਵਿਆਪਕ ਪੱਧਰ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਹੱਦੀ ਜ਼ਿਲ੍ਹਿਆਂ ’ਚ ਸੈਕੰਡ ਲਾਈਨ ਆਫ਼ ਡਿਫੈਂਸ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਸਰਹੱਦ ਤੋਂ ਤਸਕਰੀ ਵਰਗੀਆਂ ਘਟਨਾਵਾਂ ਨੂੰ ਸਖਤੀ ਨਾਲ ਰੋਕਿਆ ਜਾ ਸਕੇ।
ਉਨ੍ਹਾਂ ਆਖਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਏ ਡੀ ਜੀ ਪੀ ਅਤੇ ਆਈ ਜੀ ਪੱਧਰ ਦੇ ਅਧਿਕਾਰੀਆਂ ਦੀ ਸੁਰੱਖਿਆ ਬੰਦੋਬਸਤਾਂ ਦੀ ਨਿਗਰਾਨੀ ਲਈ ਡਿਊਟੀ ਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇੱਕ ਅੰਦਾਜ਼ੇ ਮੁਤਾਬਕ 15 ਹਜ਼ਾਰ ਤੋਂ ਵਧੇਰੇ ਅਧਿਕਾਰੀ ਅਤੇ ਕਰਮਚਾਰੀ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ’ਤੇ ਲਾਏ ਗਏ ਹਨ।