ਜ਼ਿਲ੍ਹੇ ’ਚ ਸਫ਼ਲਤਾਪੂਰਵਕ ਸਮਾਪਤ ਹੋਇਆ ਅੱਖਾਂ ਦਾਨ ਪੰਦਰਵਾੜਾ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਜ਼ਿਲ੍ਹੇ ’ਚ ਸਫ਼ਲਤਾਪੂਰਵਕ ਸਮਾਪਤ ਹੋਇਆ ਅੱਖਾਂ ਦਾਨ ਪੰਦਰਵਾੜਾ
ਕਈ ਲੋਕਾਂ ਨੇ ਅੱਖਾਂ ਦਾਨ ਕਰਨ ਲਈ ਸਹਿਮਤੀ ਫ਼ਾਰਮ ਭਰੇ : ਡਾ. ਰੇਨੂੰ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਸਤੰਬਰ:
ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਖਾਂ ਦਾਨ ਪੰਦਰਵਾੜਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦਸਿਆ ਕਿ ਪੰਦਰਵਾੜੇ ਦੌਰਾਨ ਭਾਰੀ ਗਿਣਤੀ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਨੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾ ਕੇ ਅੱਖਾਂ ਦੀ ਜਾਂਚ ਕਰਵਾਈ ਤੇ ਨਾਲ ਹੀ 98 ਲੋਕਾਂ ਨੇ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਫ਼ਾਰਮ ਭਰੇ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਮਰੀਜ਼ਾਂ ਨੂੰ ਅੱਖਾਂ ਦਾਨ ਕਰਨ ਦੀ ਮਹੱਤਤਾ ਤੋਂ ਜਾਣੂੰ ਵੀ ਕਰਾਇਆ। ਜ਼ਿਕਰਯੋਗ ਹੈ ਕਿ ਇਹ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤਕ ਮਨਾਇਆ ਗਿਆ।
ਡਾ. ਰੇਨੂੰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਵੇਂ ਪੰਦਰਵਾੜਾ ਸਮਾਪਤ ਹੋ ਗਿਆ ਹੈ ਪਰ ਇਸ ਦੇ ਬਾਵਜੂਦ ਉਹ ਕਿਸੇ ਵੀ ਕੰਮ ਵਾਲੇ ਦਿਨ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਅੱਖਾਂ ਦਾਨ ਕਰਨ ਲਈ ਫ਼ਾਰਮ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਖਾਂ ਦਾ ਦਾਨ ਮਨੁੱਖਤਾ ਦੀ ਭਲਾਈ ਦਾ ਕਾਰਜ ਹੈ ਅਤੇ ਹਰ ਕਿਸੇ ਨੂੰ ਫ਼ਾਰਮ ਭਰ ਕੇ ਅੱਖਾਂ ਦਾਨ ਕਰਨ ਦਾ ਤਹਈਆ ਕਰਨਾ ਚਾਹੀਦਾ ਹੈ ਤਾਂਕਿ ਮਰਨ ਉਪਰੰਤ ਅੱਖਾਂ ਕੱਢ ਕੇ ਕਿਸੇ ਨੇਤਰਹੀਣ ਵਿਅਕਤੀਆਂ ਨੂੰ ਲਾਈਆਂ ਜਾ ਸਕਣ ਤੇ ਉਹ ਵੀ ਦੁਨੀਆਂ ਦੇ ਰੰਗ ਵੇਖ ਸਕੇ। ਭਾਰਤ ਵਿਚ ਲੱਖਾਂ ਲੋਕ ਨੇਤਰਹੀਣਤਾ ਦਾ ਸ਼ਿਕਾਰ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਵਿਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ।
ਅੱਖਾਂ ਦੇ ਦਾਨ ਬਾਰੇ ਕੁਝ ਅਹਿਮ ਤੱਥ
ਅੱਖਾਂ ਦਾਨ ਕਰਨ ਦਾ ਫ਼ੈਸਲਾ ਮੌਤ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ ਅਤੇ ਅੱਖਾਂ ਦਾ ਦਾਨ ਕੇਵਲ ਮੌਤ ਤੋਂ ਬਾਅਦ ਹੀ ਹੁੰਦਾ ਹੈ। ਅੱਖਾਂ ਦਾਨ ਕਰਨ ਲਈ ਫ਼ਾਰਮ ਭਰਿਆ ਜਾਂਦਾ ਹੈ। ਮੌਤ ਤੋਂ 6 ਤੋਂ 8 ਘੰਟਿਆਂ ਦੇ ਅੰਦਰ ਅੱਖਾਂ ਦਾਨ ਹੋਣੀਆਂ ਚਾਹੀਦੀਆਂ ਹਨ। ਕਿਸੇ ਵੀ ਉਮਰ ਦਾ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ ਚਾਹੇ ਉਸ ਦੇ ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਆਪਰੇਸ਼ਨ ਹੋਇਆ ਹੋਵੇ, ਲੈਨਜ਼ ਪਏ ਹੋਣ। ਏਡਜ਼, ਪੀਲੀਆ, ਬਲੱਡ ਕੈਂਸਰ ਤੇ ਦਿਮਾਗ਼ੀ ਬੁਖ਼ਾਰ ਆਦਿ ਬੀਮਾਰੀਆਂ ਤੋਂ ਪੀੜਤ ਵਿਅਕਤੀ ਅੱਖਾਂ ਦਾਨ ਨਹੀਂ ਕਰ ਸਕਦੇ। ਅੱਖਾਂ ਕੱਢਣ ’ਚ ਸਿਰਫ਼ 10-15 ਮਿੰਟ ਲਗਦੇ ਹਨ ਅਤੇ ਇਸ ਪ੍ਰਕਿਆ ਵਿਚ ਚਿਹਰੇ ਉਤੇ ਕੋਈ ਨਿਸ਼ਾਨ ਜਾਂ ਦਾਗ਼ ਨਹੀਂ ਲਗਦਾ।
ਫ਼ੋਟੋ ਕੈਪਸ਼ਨ : ਜ਼ਿਲ੍ਹਾ ਹਸਪਤਾਲ ਵਿਚ ਅੱਖਾਂ ਦੀ ਜਾਂਚ ਕਰਦੇ ਹੋਏ ਡਾਕਟਰ ਤੇ ਜਾਣਕਾਰੀ ਦਿੰਦੇ ਹੋਏ ਡਾ. ਰੇਨੂੰ ਸਿੰਘ