ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ - ਡੀ.ਸੀ ਜਤ
ਦਫ਼਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਲੁਧਿਆਣਾ
ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ - ਡੀ.ਸੀ ਜਤਿੰਦਰ ਜੋਰਵਾਲ
- ਡੀ.ਸੀ ਜੋਰਵਾਲ ਵੱਲੋਂ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ
- ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ
ਖੰਨਾ/ਲੁਧਿਆਣਾ, 07 ਅਕਤੂਬਰ (2024) - ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਏਸ਼ੀਆਂ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।
ਸ੍ਰੀ ਜੋਰਵਾਲ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਦੇ ਮੁੱਖ ਗੇਟਾਂ 'ਤੇ ਸੇਵਾਦਾਰਾਂ ਦੀ ਡਿਊਟੀ ਲਗਾ ਝੋਨੇ ਦੀ ਨਮੀ ਵੀ ਚੈੱਕ ਕੀਤੀ ਜਾਵੇਗੀ, ਰੋਜ਼ਾਨਾ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ ਉਸ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਚਲੀ ਜਾਵੇਗੀ। ਉਹਨਾਂ ਕਿਹਾ ਕਿ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਲਗਾਤਾਰ ਹੁੰਦੀ ਰਹੇਗੀ।
ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਜ਼ਿਲ੍ਹਾ ਲੁਧਿਆਣਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਮੰਡੀ ਵਿੱਚ ਝੋਨਾ ਲੈ ਕੇ ਆ ਰਹੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖਰੀਦ ਹੋ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਮੈਡਮ ਸ਼ਿਖਾ ਭਗਤ, ਐਸ.ਡੀ.ਐਮ. ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਮੈਡਮ ਕਿ੍ਤਿਕਾ ਗੋਇਲ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ੍ਰੀਮਤੀ ਸਿਫਾਲੀ ਚੋਪੜਾ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਗੁਰਮਿਤ ਪਾਲ ਸਿੰਘ, ਡੀ.ਐਫ.ਐਸ.ਓ ਸ੍ਰੀ ਨਰਿੰਦਰ ਸਿੰਘ, ਏ.ਐਫ.ਐਸ.ਓ ਸ੍ਰੀ ਅਮਰਜੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਸ੍ਰੀ ਮਨਜਿੰਦਰ ਸਿੰਘ, ਸ੍ਰੀ ਭੁਪਿੰਦਰ ਸਿੰਘ ਸੌਂਦ,ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਸ. ਹਰਬੰਸ ਸਿੰਘ ਰੋਸ਼ਾ, ਰਾਈਸ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਸ. ਗੁਰਦਿਆਲ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।