ਸਿਹਤ ਵਿਭਾਗ ਦੇ ਡਾਇਰੈਕਟਰ ਵਲੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ
ਐੱਸ ਏ ਐੱਸ ਨਗਰ/ਖਰੜ: 22 ਜੁਲਾਈ, 2023: (ਕਾਰਤਿਕਾ ਸਿੰਘ/ਅਰਥ ਪ੍ਰਕਾਸ਼)::
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਨੇ ਅੱਜ ਜ਼ਿਲ੍ਹਾ ਐੱਸ ਏ ਐੱਸ. ਨਗਰ ਦੇ ਮੀਂਹ ਨਾਲ ਪ੍ਰਭਾਵਿਤ ਖੇਤਰ ਵਿਚ ਪੈਦਾ ਹੋ ਰਹੀਆਂ ਬਿਮਾਰੀਆਂ ਤੋਂ ਰਾਹਤ ਸਬੰਧੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਬਲੌਂਗੀ ਵਿਖੇ ਚੱਲ ਰਹੇ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਦਾ ਦੌਰਾ ਕੀਤਾ। ਉਨ੍ਹਾਂ ਨਾਲ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਅਹੂਜਾ, ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ, ਜਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ, ਡਾ. ਹਰਪ੍ਰੀਤ ਕੌਰ ਵੀ ਮੌਜੂਦ ਸਨ।
ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿਚ ਹੜ੍ਹ ਅਤੇ ਮੀਂਹ ਪ੍ਰਭਾਵਿਤ ਖੇਤਰਾਂ ਵਿਚ ਬਿਮਾਰੀਆਂ ਤੋਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਹਨ। ਮੈਡੀਕਲ ਚੈੱਕਅਪ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਵਿਭਾਗ ਦੇ ਅੱਖਾਂ ਦੇ ਮਾਹਰ ਡਾਕਟਰ ਅਤੇ ਅਪਥਾਲਮਿਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਹੜ੍ਹ ਅਤੇ ਮੀਂਹ ਪ੍ਰਭਾਵਿਤ ਖੇਤਰਾਂ ਵਿਚ ਕੈਂਪ ਲਗਾ ਕੇ ਮਰੀਜਾਂ ਵਿਚ ਅੱਖਾਂ ਦੀ ਇਨਫੈਕਸ਼ਨ ਦੀ ਜਾਂਚ ਕੀਤੀ ਜਾਵੇ ਅਤੇ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾਵੇ। ਪੀਣ ਦੇ ਪਾਣੀ ਨੂੰ ਰੋਗਾਣੂ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾ ਗਈਆਂ ਹਨ। ਮੱਛਰ ਦੇ ਲਾਰਵੇ ਦੇ ਖਾਤਮੇ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਫੌਗਿੰਗ ਅਤੇ ਸਪਰੇਅ ਕਰਵਾਈ ਜਾ ਰਹੀ ਹੈ।