ਪੰਚਾਂ ਦਾ ਸਹੁੰ ਚੁੱਕ ਸਮਾਗਮ- ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜ
ਪੰਚਾਂ ਦਾ ਸਹੁੰ ਚੁੱਕ ਸਮਾਗਮ- ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ
ਕਿਹਾ, ਬਿਨਾਂ ਕਿਸੇ ਪੱਖ-ਪਾਤ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਵਾਂਗੇ
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਨਵੇਂ ਚੁਣੇ ਗਏ 3882 ਪੰਚਾਂ ਨੂੰ ਚੁਕਾਈ ਸਹੁੰ
ਚੰਡੀਗੜ੍ਹ/ਤਰਨ ਤਾਰਨ, 19 ਨਵੰਬਰ :
ਜ਼ਿਲ਼੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨਾਂ ਕਿਸੇ ਪੱਖ-ਪਾਤ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਜ਼ਿਲ੍ਹੇ ਦੀਆਂ 568 ਪੰਚਾਇਤਾਂ ਦੇ ਨਵੇਂ ਚੁਣੇ ਗਏ 3882 ਪੰਚਾਂ ਨੂੰ ਸਹੁੰ ਚੁਕਾਉਣ ਲਈ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਚਾਇਤਾਂ ਸਾਡੇ ਲੋਕਤੰਤਰ ਦਾ ਮੁੱਢ ਹਨ ਅਤੇ ਕਿਸੇ ਰਾਜ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਦੀ ਕਾਰਜਕੁਸ਼ਲਤਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਜ਼ਿਲ੍ਹੇ ਦੀਆਂ ਵੱਖ-ਵੱਖ ਪੰਚਾਇਤਾਂ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਰਲ-ਮਿਲ ਕੇ ਆਪਣੇ-ਆਪਣੇ ਪਿੰਡਾਂ ਦੇ ਵਿਕਾਸ ਲਈ ਨਿਰਪੱਖ ਹੋ ਕੇ ਮਿਹਨਤ ਨਾਲ ਕੰਮ ਕਰਨ ਅਤੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ।
ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਫੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨਵੇਂ ਚੁਣੇ ਪੰਚਾਂ ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਵਿਚ ਪੰਚ-ਸਰਪੰਚ ਦੀ ਸਭ ਤੋਂ ਵੱਡੀ ਭੂਮਿਕਾ ਹੁੰਦੀ ਹੈ ਅਤੇ ਲੋਕਾਂ ਨੇ ਤੁਹਾਡੇ 'ਤੇ ਵਿਸਵਾਸ਼ ਜਤਾਇਆ ਹੈ ਤਾਂ ਹੁਣ ਤੁਹਾਡੀ ਜ਼ਿੰਮੇਵਾਰੀ ਹੈ ਕਿ ਲੋਕਾਂ ਦੇ ਵਿਸਵਾਸ਼ ਨੂੰ ਕਾਇਮ ਰੱਖਿਆ ਜਾਵੇ।
ਉਨ੍ਹਾਂ ਇਸ ਮੌਕੇ ਪੰਚ ਸਰਪੰਚ ਬਣੀਆਂ ਔਰਤਾਂ ਨੂੰ ਵਿਸੇਸ਼ ਤੌਰ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਪੰਚਾਇਤ ਦੇ ਕੰਮਾਂ ਵਿੱਚ ਸਰਗਰਮੀ ਨਾਲ ਭਾਗ ਲੈਣ।
ਇਸ ਤੋਂ ਪਹਿਲਾਂ ਹਲਕਾ ਵਿਧਾਇਕ ਖੇਮਕਰਨ ਸ. ਸਰਵਨ ਸਿੰਘ ਧੁੰਨ ਨੇ ਮੁੱਖ ਮਹਿਮਾਨ ਅਤੇ ਸਮਾਗਮ ਵਿੱਚ ਪਹੁੰਚੀਆਂ ਹੋਰ ਸਖਸ਼ੀਅਤਾਂ ਨੂੰ ਜੀ ਆਇਆਂ ਨੂੰ ਕਿਹਾ ਤੇ ਪੰਚਾਂ ਤੇ ਸਰਪੰਚਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਸਮੂਹ ਪੰਚਾਇਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਿੰਡਾਂ ਦੇ ਵਿਕਾਸ ਦਾ ਜੋ ਸੁਪਨਾ ਲਿਆ ਹੈ, ਉਸ ਨੂੰ ਹਕੀਕੀ ਰੂਪ ਦੇਣ ਵਿਚ ਪੰਚਾਇਤਾਂ ਦੀ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਨਵੇਂ ਚੁਣੇ ਪੰਚ ਤੇ ਸਰਪੰਚ ਪਿੰਡਾਂ ਦੇ ਵਿਕਾਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ।
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਆਪਣੇ ਸੰਬੋਧਨ ਵਿੱਚ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹੁੰ ਚੁੱਕ ਸਮਗਮ ਦੌਰਾਨ ਅੱਜ ਜੋ ਪ੍ਰਣ ਲਿਆ ਹੈ, ਉਸ ‘ਤੇ ਪੂਰਾ ਉਤਰਦਿਆਂ ਪਿੰਡਾਂ ਦੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਪਿੰਡਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਖਡੂਰ ਸਾਹਿਬ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪਿੰਡਾਂ ਦੇ ਸਮੁੱਚੇ ਵਿਕਾਸ ਵਿੱਚ ਪੰਚਾਇਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਪੰਚਾਇਤਾਂ ਦਾ ਅਧਿਕਾਰਤ ਕੰਮ ਸ਼ੁਰੂ ਹੋ ਰਿਹਾ ਹੈ ਅਤੇ ਸਰਕਾਰ ਵੱਲੋਂ ਗ੍ਰਾਂਟਾਂ ਦੀ ਘਾਟ ਨਹੀਂ ਆਵੇਗੀ ਅਤੇ ਪੰਚਾਇਤਾਂ ਇਹ ਗ੍ਰਾਂਟ ਪਿੰਡਾਂ ਵਿਚ ਤਨਦੇਹੀ ਨਾਲ ਖਰਚ ਕਰਕੇ ਪਿੰਡਾਂ ਦਾ ਚਹੁੰਮੁਖੀ ਵਿਕਾਸ ਯਕੀਨੀ ਬਣਾਉਣ।
ਅੱਜ ਵਿਸ਼ਵ ਪਖਾਨਾ ਦਿਵਸ ਮੌਕੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਵਿਅਕਤੀਗਤ ਪਖ਼ਾਨੇ ਬਣਾੳੇੁਣ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਵੀ ਜਾਰੀ ਕੀਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਸ੍ਰੀ ਰਜਿੰਦਰ ਸਿੰਘ ਉਸਮਾਂ, ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਸ੍ਰੀ ਦਿਲਬਾਗ਼ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਐੱਸ.ਡੀ.ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਐੱਸ.ਪੀ. ਹੈੱਡਕੁਆਟਰ ਸ੍ਰੀਮਤੀ ਪਰਵਿੰਦਰ ਕੌਰ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਹਰਜਿੰਦਰ ਸਿੰਘ ਸੰਧੂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
--------