ਸੂਬੇ ’ਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ’ਚ ਸਹਾਈ ਸਾਬਤ ਹੋਣਗੀਆਂ ਮੈਗਾ ਮਾਪੇ-ਅਧਿਆਪਕ ਮਿਲਣੀਆਂ : ਬਲਕਾਰ ਸਿੰਘ
ਸੂਬੇ ’ਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ’ਚ ਸਹਾਈ ਸਾਬਤ ਹੋਣਗੀਆਂ ਮੈਗਾ ਮਾਪੇ-ਅਧਿਆਪਕ ਮਿਲਣੀਆਂ : ਬਲਕਾਰ ਸਿੰਘ
ਸਕੂਲ ਆਫ਼ ਐਮੀਨੈਂਸ ਕਰਤਾਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਆਲਮਪੁਰ ਬੱਕਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀਆਂ ’ਚ ਕੀਤੀ ਸ਼ਿਰਕਤ
ਕਰਤਾਰਪੁਰ/ਜਲੰਧਰ, 29 ਮਾਰਚ : ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਮੈਗਾ ਮਾਪੇ-ਅਧਿਆਪਕ ਮਿਲਣੀਆਂ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਸਹਾਈ ਸਾਬਤ ਹੋਣਗੀਆਂ।
ਸਕੂਲ ਆਫ਼ ਐਮੀਨੈਂਸ ਕਰਤਾਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਆਲਮਪੁਰ ਬੱਕਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਦਾ ਮਕਸਦ ਜਿਥੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀ ਕਾਰਜਸ਼ੈਲੀ ਅਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਹੈ ਉਥੇ ਹੀ ਸਿੱਖਿਆ ਦੇ ਖੇਤਰ ਵਿੱਚ ਹੋਰ ਸੁਧਾਰ ਲਈ ਮਾਪਿਆਂ ਦੇ ਸੁਝਾਅ ਜਾਨਣਾ ਵੀ ਹੈ।
ਸ਼੍ਰੀ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਜਿਸ ਸਦਕਾ ਸਕੂਲਾਂ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੇ ਨਤੀਜੇ ਬਿਹਤਰ ਹੋਏ ਹਨ ਅਤੇ ਦਾਖ਼ਲਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ।
ਵਿਧਾਇਕ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕਈ ਪਹਿਲਕਦਮੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚੋਂ ਇਕ ‘ਸਕੂਲ ਆਫ ਐਮੀਨੈਂਸ’ ਹੈ, ਜਿਥੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ-ਤਰੀਕਿਆਂ ਨਾਲ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ਸਦਕਾ ਸੂਬਾ ਸਿੱਖਿਆ ਦੇ ਖੇਤਰ ਵਿੱਚ ਵੀ ਨੰਬਰ ਇਕ ਬਣਕੇ ਉੱਭਰੇਗਾ।
ਇਸ ਮੌਕੇ ਸਕੂਲਾਂ ਦੇ ਅਧਿਆਪਕਾਂ ਸਮੇਤ ਹੋਰ ਸਟਾਫ਼, ਵਿਦਿਆਰਥੀਆਂ ਦੇ ਮਾਪੇ ਅਤੇ ਵਿਦਿਆਰਥੀ ਵੀ ਮੌਜੂਦ ਸਨ।