ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ
ਚੰਡੀਗੜ੍ਹ, 30 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖ਼ੁਸ਼ਹਾਲੀ ਦਾ ਤਿਉਹਾਰ ਦੀਵਾਲੀ ਸਾਡੇ ਵੱਲੋਂ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਜਗਮਗ ਨਾਲ ਨਾ ਸਿਰਫ਼ ਹਰ ਘਰ ਰੌਸ਼ਨ ਹੁੰਦਾ ਹੈ, ਸਗੋਂ ਇਹ ਹਨੇਰੇ 'ਤੇ ਚਾਨਣ ਦੀ ਜਿੱਤ, ਬੁਰਾਈ 'ਤੇ ਚੰਗਿਆਈ ਅਤੇ ਨਿਰਾਸ਼ਾ 'ਤੇ ਆਸ ਦੀ ਜਿੱਤ ਦਾ ਪ੍ਰਤੀਕ ਵੀ ਹੈ | ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਦੀਵਾਲੀ ਇੱਕ ਵਾਰ ਫਿਰ ਲੋਕਾਂ ਲਈ ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ ਅਤੇ ਨਾਲ ਹੀ ਭਾਈਚਾਰਕ ਸਾਂਝ, ਅਮਨ ਅਤੇ ਫਿਰਕੂ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ ਸਾਲ 1612 ਵਿੱਚ ਦੀਵਾਲੀ ਦੇ ਤਿਉਹਾਰ ਮੌਕੇ ਗਵਾਲੀਅਰ ਦੇ ਕਿਲੇ ਵਿੱਚੋਂ 52 ਹਿੰਦੂ ਰਾਜਿਆਂ ਦੀ ਰਿਹਾਈ ਦੇ ਇਤਿਹਾਸਕ ਮੌਕੇ ‘ਬੰਦੀ ਛੋੜ ਦਿਵਸ’ ਮੌਕੇ ਸਮੁੱਚੇ ਦੇਸ਼ ਵਾਸੀਆਂ ਖ਼ਾਸ ਕਰਕੇ ਸਿੱਖ ਪੰਥ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਜਾਤ, ਰੰਗ, ਨਸਲ ਅਤੇ ਧਾਰਮਿਕ ਵਿਤਕਰੇ ਤੋਂ ਉਪਰ ਉੱਠ ਕੇ ਰਵਾਇਤੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਉਣ ਦੀ ਅਪੀਲ ਵੀ ਕੀਤੀ, ਜਿਸ ਨਾਲ ਆਪਸੀ ਸਾਂਝ ਅਤੇ ਸਦਭਾਵਨਾ ਦੇ ਬੰਧਨ ਹੋਰ ਮਜ਼ਬੂਤ ਹੋਣ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਡੇ ਲੋਕਾਂ ਲਈ ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ।