ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ
ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ
• ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ
• ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਦਾ ਲਿਆ ਹਲਫ਼
• ਬੀ.ਐਸ.ਐਫ. ਰਿਪੋਰਟ ਮੁਤਾਬਕ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਵਿੱਚ ਆਈ ਕਮੀ
ਫਿਲੌਰ (ਜਲੰਧਰ), 3 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਵਧੀਆ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ `ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਫੋਰਸ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਯੋਗ ਹੋ ਸਕੇ।
ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸੂਬੇ ਭਰ ਦੇ ਸਾਰੇ 454 ਥਾਣਿਆਂ ਦੇ ਐਸ.ਐਚ.ਓਜ਼. ਨੂੰ ਨਵੇਂ ਵਾਹਨ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਪਿਛਲੇ ਰੁਝਾਨਾਂ ਦੇ ਉਲਟ ਹੈ, ਜਦੋਂ ਨਵੇਂ ਵਾਹਨ ਜ਼ਮੀਨੀ ਪੱਧਰ `ਤੇ ਅਧਿਕਾਰੀਆਂ ਦੀ ਬਜਾਏ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲੀ ਚਿਹਰਾ ਹੁੰਦੇ ਹਨ ਕਿਉਂਕਿ ਉਹ ਸਿੱਧੇ ਤੌਰ `ਤੇ ਲੋਕਾਂ ਨਾਲ ਜੁੜੇ ਹੁੰਦੇ ਹਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਉੱਤੇ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਕਈ ਵਿਰੋਧੀ ਤਾਕਤਾਂ ਸੂਬੇ ਦੀ ਸ਼ਾਂਤੀ ਭੰਗ ਕਰਨ ਲਈ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਉੱਨਤ ਜ਼ਰੂਰਤਾਂ ਅਨੁਸਾਰ ਅਪਡੇਟ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਪੁਲਿਸ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ।
ਮੁੱਖ ਮੰਤਰੀ ਨੇ ਕਿਹਾ ਕਿ 70 ਫੀਸਦੀ ਨਸ਼ੀਲੇ ਪਦਾਰਥ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਸਮਗਲ ਕੀਤੇ ਜਾਂਦੇ ਹਨ ਅਤੇ ਬਾਅਦ ਵਿੱਚ ਸੂਬੇ ਵਿੱਚ ਸਪਲਾਈ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਡਰੋਨਾਂ ਦੀ ਆਵਾਜਾਈ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਸ਼ੁਰੂ ਕਰ ਕੇ ਬੀ.ਐਸ.ਐਫ. ਨਾਲ ਹੱਥ ਮਿਲਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਕਾਰਨ ਨਸ਼ਿਆਂ ਦੀ ਤਸਕਰੀ ਵਿੱਚ ਭਾਰੀ ਕਮੀ ਆਈ ਹੈ ਕਿਉਂਕਿ ਬੀ.ਐਸ.ਐਫ. ਦੀ ਇਕ ਰਿਪੋਰਟ ਦੱਸਦੀ ਹੈ ਕਿ ਪੰਜਾਬ ਵਿੱਚ ਸਖ਼ਤੀ ਕਾਰਨ ਸਰਹੱਦ ਪਾਰੋਂ ਸਮਗਲਿੰਗ ਵਿੱਚ ਕਮੀ ਆਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਪਗ 2.50 ਲੱਖ ਉਮੀਦਵਾਰ ਅਰਜ਼ੀਆਂ ਦਿੰਦੇ ਹਨ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਖੇਤਰ ਦੇ ਨਾਲ-ਨਾਲ ਆਪਣੇ ਸਰੀਰ ਨੂੰ ਸੁਧਾਰਨ ਵੱਲ ਧਿਆਨ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਅਤੇ ਨਸ਼ਿਆਂ ਦੇ ਖ਼ਤਰੇ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ ਤਾਂ ਜੋ ਇਸ ਬੁਰਾਈ ਦੀ ਰੀੜ੍ਹ ਦੀ ਹੱਡੀ ਤੋੜੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਤਰੀਕਿਆਂ ਰਾਹੀਂ ਹਾਸਲ ਕੀਤੀ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਢਾਹਿਆ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਕੋਈ ਨਸ਼ਾ ਤਸਕਰੀ ਵਿੱਚ ਆਉਣ ਦੀ ਨਾ ਸੋਚੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਤਕਰੀਬਨ 55,000 ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਨੌਜਵਾਨ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਫ਼ਸਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਭ੍ਰਿਸ਼ਟ ਅਫ਼ਸਰ ਨੂੰ ਫੜਿਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰ ਕੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ, ਕਾਰਜਕੁਸ਼ਲਤਾ ਅਤੇ ਜਵਾਬਦੇਹੀ ਲਿਆਉਣ ਲਈ ਸੂਬਾ ਸਰਕਾਰ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਨਿਵੇਕਲੀ ਸਕੀਮ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬਾ ਸਰਕਾਰ ਦੇ ਸੀਨੀਅਰ ਆਈ.ਏ.ਐਸ. ਤੇ ਆਈ.ਪੀ.ਐਸ. ਅਫ਼ਸਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਾਰਗ-ਨਿਰਦੇਸ਼ਕ ਵਜੋਂ ਕੰਮ ਕਰਨਗੇ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦੇਣਗੇ। ਉਨ੍ਹਾਂ ਕਿਹਾ ਕਿ ਸਾਰੇ ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਇਕ-ਇਕ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੇ ਮਾਰਗ-ਨਿਰਦੇਸ਼ਕ ਬਣਨਗੇ, ਜਿਸ ਨਾਲ ਉਹ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਰਾਹੀਂ ਸਿੱਖਿਆ ਦੇ ਮਾਹੌਲ ਨੂੰ ਹੋਰ ਸਾਜ਼ਗਾਰ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਮੰਤਵ ਵਿਦਿਆਰਥੀਆਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਉਤਸ਼ਾਹਤ ਕਰ ਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਬਦਲਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਅਹਿਮ ਪ੍ਰੋਗਰਾਮ ਨਾਲ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਖੰਭ ਲੱਗਣਗੇ, ਜਿਸ ਨਾਲ ਉਹ ਜ਼ਿੰਦਗੀ ਦੇ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡਣਗੇ।
ਇਸ ਤੋਂ ਪਹਿਲਾਂ ਡੀ.ਜੀ.ਪੀ. ਗੌਰਵ ਯਾਦਵ ਨੇ ਮੁੱਖ ਮੰਤਰੀ ਤੇ ਹੋਰ ਅਹਿਮ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ।