ਆਰ.ਓ ਲੁਧਿਆਣਾ ਪੱਛਮੀ ਵੱਲੋਂ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਿਆਸੀ ਪਾਰਟੀਆਂ ਨਾਲ ਮੀਟਿੰਗ
ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ
ਆਰ.ਓ ਲੁਧਿਆਣਾ ਪੱਛਮੀ ਵੱਲੋਂ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਿਆਸੀ ਪਾਰਟੀਆਂ ਨਾਲ ਮੀਟਿੰਗ
ਚੰਡੀਗੜ੍ਹ, 25 ਅਪ੍ਰੈਲ
ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨੇ ਦੱਸਿਆ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ (ਆਰ.ਓ.) ਆਰ.ਪੀ. ਸਿੰਘ, ਕਮ ਵਧੀਕ ਡਿਪਟੀ ਕਮਿਸ਼ਨਰ (ਯੂਡੀ) ਨੇ ਸ਼ੁੱਕਰਵਾਰ ਨੂੰ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਹੈ।
ਮੀਟਿੰਗ ਦੌਰਾਨ ਆਰ.ਓ. ਲੁਧਿਆਣਾ ਪੱਛਮੀ ਨੇ ਪਾਰਟੀ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ। ਮੀਟਿੰਗ ਦੌਰਾਨ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਦੇ ਖਰੜੇ ਦੀ ਪ੍ਰਕਾਸ਼ਨਾ ਬਾਰੇ ਚਰਚਾ ਕੀਤੀ ਗਈ, ਜੋ ਕਿ 9 ਅਪ੍ਰੈਲ, 2025 ਨੂੰ ਬਣਿਆ ਸੀ ਅਤੇ ਜਿਸ ਦੀ 9 ਤੋਂ 24 ਅਪ੍ਰੈਲ 2025 ਤੱਕ ਵਿਸ਼ੇਸ਼ ਸੰਖੇਪ ਸੋਧ ਕੀਤੀ ਜਾ ਰਹੀ ਸੀ।
ਆਰ.ਓ ਨੇ ਦੱਸਿਆ ਕਿ 24 ਅਪ੍ਰੈਲ, 2025 ਡਰਾਫਟ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਜਮ੍ਹਾ ਕਰਨ ਦੀ ਅੰਤਿਮ ਮਿਤੀ ਸੀ। 24 ਅਪ੍ਰੈਲ ਤੱਕ ਪ੍ਰਾਪਤ ਹੋਏ ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਫੈਸਲਾ 2 ਮਈ, 2025 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 5 ਮਈ, 2025 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮ ਨੰਬਰ 9, 10, 11, 11 ਏ ਅਤੇ 11 ਬੀ ਪ੍ਰਦਾਨ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਲੋਕਤੰਤਰੀ ਪ੍ਰਕਿਰਿਆ ਵਿੱਚ ਅਹਿਮ ਹਿੱਸੇਦਾਰ ਹਨ ਅਤੇ ਚੋਣ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਆਪਸੀ ਸਹਿਯੋਗ ਨੂੰ ਬਰਕਰਾਰ ਰੱਖਣ ਲਈ ਅਜਿਹੀਆਂ ਮੀਟਿੰਗਾਂ ਜ਼ਰੂਰੀ ਹਨ।
ਇਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਿਆਸੀ ਪਾਰਟੀਆਂ ਨਾਲ ਨਿਯਮਤ ਮੀਟਿੰਗਾਂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
----