ਪੰਜਾਬ ਦੇ ਕਿਸਾਨਾਂ ਦਾ ਭਲਾ ਨਹੀ ਚਾਹੁੰਦੀ ਕੇਂਦਰ ਸਰਕਾਰ: ਬਰਿੰਦਰ ਕੁਮਾਰ ਗੋਇਲ
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਦੇ ਕਿਸਾਨਾਂ ਦਾ ਭਲਾ ਨਹੀ ਚਾਹੁੰਦੀ ਕੇਂਦਰ ਸਰਕਾਰ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 22 ਅਕਤੂਬਰ
ਪੰਜਾਬ ਦੇ ਕਿਸਾਨਾਂ ਦਾ ਕੇਂਦਰ ਸਰਕਾਰ ਭਲਾ ਨਹੀ ਚਾਹੁੰਦੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਚੰਡੀਗੜ੍ਹ ਵਿਖੇ ਕੀਤਾ।
ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਹਮੇਸ਼ਾ ਹੀ ਵਿਤਕਰਾ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਐਮ.ਐਸ.ਪੀ.ਦੀ ਮੰਗ ਪੂਰੀ ਨਹੀ ਕੀਤੀ ਸਗੋਂ ਕੇਂਦਰ ਸਰਕਾਰ ਜਾਣਬੁੱਝ ਕੇ ਮਿੱਥੇ ਸਮੇਂ ਤੇ ਫਸਲ ਵੀ ਨਹੀ ਚੁੱਕ ਰਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲੇ, ਪਰ ਇਸ ਦੇ ਬਾਵਜੂਦ ਕੇਂਦਰ ਨੇ ਪੰਜਾਬ ਦੇ ਗੋਦਾਮ ਖਾਲੀ ਨਹੀ ਕੀਤੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਅੰਨਦਾਤੇ ਦੀ ਗੱਲ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਅੱਜ ਚੁੱਪ ਬੈਠੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਸੂਬੇ ਪੰਜਾਬ ਨਾਲ ਹੋ ਰਹੇ ਇਸ ਅੱਤਿਆਚਾਰ ਦਾ ਜਵਾਬ ਹੁਣ ਜਨਤਾ ਦੇਵੇਗੀ।ਪੰਜਾਬ ਦੇ ਸੂਝਵਾਨ ਲੋਕ ਭਲੀਭਾਂਤ ਜਾਣਦੇ ਹਨ ਕਿ ਕੇਂਦਰ ਕਿਵੇਂ ਉਨ੍ਹਾਂ ਦੀਆਂ ਫ਼ਸਲਾਂ ਨੂੰ ਖਰਾਬ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕੋਝੇ ਮਜਾਕ ਕਾਰਣ ਅੱਜ ਪੰਜਾਬ ਦਾ ਕਿਸਾਨ ਧਰਨੇ ਤੇ ਬੈਠਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭੁੱਲ ਗਈ ਹੈ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਆਏ ਆਨਾਜ਼ ਦੇ ਸੰਕਟ ਦੌਰਾਨ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਹਰ ਗੱਲ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੇ ਹੱਕ ਅਦਾ ਕਰਨੇ ਚਾਹੀਦੇ ਹਨ।