15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
ਚੰਡੀਗੜ੍ਹ, 19 ਸਤੰਬਰ, 2024 -
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਵਿਰੁੱਧ 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਇਹ ਮੁਕੱਦਮਾ ਮਲੋਆ ਕਲੋਨੀ, ਚੰਡੀਗੜ੍ਹ ਦੇ ਵਸਨੀਕ ਸੁਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏਐਸਆਈ ਨੇ ਥਾਣਾ ਸਦਰ ਖਰੜ ਵਿਖੇ ਦਰਜ ਇੱਕ ਕੇਸ ਵਿੱਚ ਉਸਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ 15000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਹੀ ਪਾਏ ਗਏ ਹਨ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।