ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਸਵੀਪ ਟੀਮਾਂ ਵੱਲੋਂ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ
ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਦਰ ਵਧਾਉਣ ਲਈ ਗਤੀਵਿਧੀਆਂ ਜੋਰਾਂ ਤੇ : ਜ਼ਿਲ੍ਹਾ ਚੋਣ ਅਫਸਰ
- ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਸਵੀਪ ਟੀਮਾਂ ਵੱਲੋਂ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ
- ਵੋਟ ਬਣਾਉਣ ਲਈ ਨਾਮਜ਼ਦਗੀਆਂ ਸ਼ੁਰੂ ਹੋਣ ਤੱਕ ਭਰੇ ਜਾ ਸਕਦੇ ਹਨ ਫਾਰਮ ਨੰ: 6
- ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਲੋਕਾਂ ਨੂੰ ਵੋਟ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ
ਫਰੀਦਕੋਟ 08 ਮਈ 2024
ਲੋਕ ਸਭਾ ਚੋਣਾਂ 2024 ਦੌਰਾਨ ਵੋਟਿੰਗ ਦਰ ਵਧਾਉਣ ਲਈ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜ਼ੋਰਾਂ ਤੇ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਲਈ "ਇਸ ਵਾਰ 70 ਪਾਰ" ਦੇ ਦਿੱਤੇ ਟੀਚੇ ਨੂੰ ਸਫਲਤਾ ਪੂਰਵਕ ਹਾਸਲ ਕੀਤਾ ਜਾ ਸਕੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਸਵੀਪ ਗਤੀਵਿਧੀਆਂ ਬਾਰੇ ਗੱਲਬਾਤ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੀਪ ਟੀਮਾਂ ਬਣਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਵੀਪ ਟੀਮਾਂ ਵੱਲੋਂ ਬੂਥ ਪੱਧਰ ਤੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਅਤੇ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 100 ਫੀਸਦੀ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨਵੀਂ ਵੋਟ ਬਣਾਉਣ ਲਈ ਫਾਰਮ ਨੰ: 06 ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਮਿਤੀ ਤੱਕ ਭਰ ਕੇ ਦਿੱਤੇ ਜਾ ਸਕਦੇ ਹਨ ਤਾਂ ਜੋ ਨੌਜਵਾਨ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਚੋਣ ਕਮਿਸ਼ਨ ਦੀ ਵੈਬਸਾਇਟ ਐਨ.ਵੀ.ਐਸ.ਪੀ. ਅਤੇ ਮੋਬਾਇਲ ਐਪ " ਵੋਟਰ ਹੈਲਪ ਲਾਇਨ " ਰਾਹੀਂ ਆਨ ਲਾਇਨ ਹਾਸਲ ਕੀਤੀ ਜਾ ਸਕਦੀ ਹੈ।
ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪਸ ਬਣਾਈਆਂ ਗਈਆਂ ਹਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਬਣਾਈ ਗਈ ਸੀ.ਵਿਜ਼ਲ ਐਪ ਰਾਹੀਂ ਵੋਟਰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸਿ਼ਕਾਇਤ ਪਾ ਸਕਦੇ ਹਨ ਅਤੇ ਉਨ੍ਹਾਂ ਦੀ ਸਿ਼ਕਾਇਤ ਦਾ ਤੈਅ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਐਪ ’ਤੇ ਪਹਿਲਾਂ ਤੋਂ ਹੀ ਬਣਾਈ ਗਈ ਵੀਡੀਓ ਜਾਂ ਆਡੀਓ ਕਲਿੱਪ ਨਹੀਂ ਪਾਈ ਜਾ ਸਕਦੀ। ਉਨ੍ਹਾਂ ਹੋਰ ਦੱਸਿਆ ਕਿ ਵੋਟਰਾਂ ਵੱਲੋਂ ਪਾਈਆਂ ਸਿ਼ਕਾਇਤਾਂ ਨੂੰ ਤੁਰੰਤ ਸਬੰਧਤ ਰਿਟਰਨਿੰਗ ਅਫਸਰਾਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੋਬਾਇਲ ਐਪ ਵੋਟਰ ਹੈਲਪਲਾਈਨ ਰਾਹੀਂ ਵੋਟਰ ਜਿਥੇ ਆਪਣੀ ਵੋਟ ਬਣਾਉਣ ਅਤੇ ਉਸ ਨਾਲ ਸਬੰਧਤ ਹੋਰ ਸੇਵਾਵਾਂ ਹਾਸਲ ਕਰ ਸਕਦੇ ਹਨ, ਉਥੇ ਹੀ ਇਸ ਐਪ ਰਾਹੀਂ ਚੋਣਾਂ ਦੇ ਨਤੀਜਿਆਂ, ਪੋਲਿੰਗ ਬੂਥ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਜਾਗਰੂਕਤਾ ਲਈ ਬਣਾਈ ਗਈ ਇਹ ਐਪ ਇੱਕ ਮਹੱਤਵਪੂਰਨ ਐਪ ਹੈ। ਪੀ.ਡਬਲਯੂ.ਡੀ. (PWD) ਮੋਬਾਇਲ ਐਪ ਰਾਹੀਂ ਦਿਵਿਆਂਗ ਵੋਟਰ ਵੋਟਾਂ ਪਾਉਣ ਸਬੰਧੀ ਕਿਸੇ ਵੀ ਕਿਸਮ ਦੀ ਸਹਾਇਤਾ ਲੈਣ ਲਈ ਅਪਲਾਈ ਕੀਤਾ ਜਾ ਸਕੇਗਾ ਅਤੇ ਦਿਵਿਆਂਗ ਵੋਟਰਾਂ ਨੂੰ ਸਬੰਧਤ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ ਤਾਂ ਜੋ ਸਾਡੇ ਲੋਕਤੰਤਰ ਨੂੰ ਹੋਰ ਮਜਬੂਤ ਕੀਤਾ ਜਾ ਸਕੇ।